ਕਿਸਾਨ ਮੋਰਚਾ ਫੈਸਲਾਕੁੰਨ ਮੋੜ ‘ਤੇ, ਕੇਂਦਰ -ਕਿਸਾਨ ਦੌਰਾਨ ਪੰਜਾਬ ਮੰਤਰੀਮੰਡਲ ਦੀ ਅਹਿਮ ਮੀਟਿੰਗ ਅੱਜ,

ਚੰਡੀਗੜ੍ਹ, 14ਜਨਵਰੀ (ਕੇਸਰੀ ਨਿਊਜ਼ ਨੈੱਟਵਰਕ )- ਕੇਂਦਰ ਸਰਕਾਰ ਵਲੋਂ ਤਿੰਨ ਨਵੇਂ ਬਣਾਏ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਸੰਬੰਧੀ ਦੇਸ਼ ਭਰ ਦੇ ਕਿਸਾਨ ਅੰਦੋਲਨ ਉਤੇ ਹਨ। ਉਨ੍ਹਾਂ ਬਾਰੇ 12 ਜਨਵਰੀ ਨੂੰ ਦੇਸ਼ ਦੀ ਸਰਵ ਉੱਚ ਅਦਾਲਤ ਸੁਪਰੀਮ ਕੋਰਟ ਵੱਲੋਂ ਆਏ ਫੈਸਲੇ ਸੰਬੰਧੀ ਵਿਚਾਰ ਕਰਨ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਮੰਤਰੀ ਮੰਡਲ ਦੀ ਇਕ ਅਹਿਮ ਮੀਟਿੰਗ ਅੱਜ 15 ਜਨਵਰੀ ਨੂੰ ਆਪਣੇ ਸਿਵਲ ਸਕੱਤਰੇਤ ਦਫਤਰ ਵਿਖੇ ਸ਼ਾਮ 4 ਵਜੇ ਬੁਲਾਈ ਹੈ। ਮੀਟਿੰਗ ਵਿੱਚ ਆਏ ਫੈਸਲੇ ਦੇ ਹਰ ਪਹਿਲੂ ਉਤੇ ਖੁੱਲ੍ਹ ਕੇ ਵਿਚਾਰ ਚਰਚਾ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਇਸ ਸੰਬੰਧ ਵਿੱਚ ਪਹਿਲਾਂ ਹੀ ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਨੂੰ ਸੁਪਰੀਮ ਕੋਰਟ ਦੇ ਆਏ ਫੈਸਲੇ ਦੀ ਮੁਕੰਮਲ ਕਾਪੀ ਲੈ ਕੇ ਉਸ ਦੇ ਸਾਰੇ ਪਹਿਲੂਆਂ ਨੂੰ ਘੋਖ ਕੇ ਆਪਣੀ ਰਿਪੋਰਟ ਦੇਣ ਲਈ ਹੁਕਮ ਦਿੱਤੇ ਹੋਏ ਹਨ।

ਜਾਣਕਾਰੀ ਮੁਤਾਬਕ ਮੁੱਖ ਮੰਤਰੀ ਦੇ ਮੁੱਖ ਪ੍ਰਿੰਸੀਪਲ ਸਕੱਤਰ ਸੁਰੇਸ਼ ਕੁਮਾਰ ਦੀ ਅਗਵਾਈ ਹੇਠ ਵੀ ਇਕ ਉੱਚ-ਪੱਧਰੀ ਮੀਟਿੰਗ ਇਸ ਸੰਬੰਧੀ ਹੋਈ, ਜਿਸ ਵਿੱਚ ਸੁਪਰੀਮ ਕੋਰਟ ਦੇ ਫੈਸਲੇ ਉਤੇ ਖੁੱਲ਼੍ਹ ਦੇ ਮੰਥਨ ਕੀਤਾ ਗਿਆ। ਮੀਟਿੰਗ ਵਿੱਚ ਮੁੱਖ ਮੰਤਰੀ ਦੇ ਪ੍ਰਿੰਸੀਪਲ ਸਕੱਤਰ ਤੇਜਵੀਰ ਸਿੰਘ ,ਸਪੈਸ਼ਲ ਪ੍ਰਿੰਸੀਪਲ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ ,ਡੀ.ਜੀ.ਪੀ ਦਿਨਕਰ ਗੁਪਤਾ ਅਤੇ ਹੋਰ ਉੱਚ ਅਧਿਕਾਰੀ ਵੀ ਹਾਜ਼ਰ ਸਨ।

ਇਸ ਦੌਰਾਨ ਦਿੱਲੀ ਵਿਚ ਸੰਘਰਸ਼ ਕਰ ਰਹੇ ਕਿਸਾਨ ਆਗੂਆਂ ਦੀ 9ਵੇਂ ਗੇੜ ਦੀ ਅੱਜ ਕੇਂਦਰ ਨਾਲ ਹੋ ਰਹੀ ਮੀਟਿੰਗ ਦੇ ਨਤੀਜਿਆਂ ਦੇ ਨਾਲ ਨਾਲ ਪੰਜਾਬ ਵਾਸੀਆਂ ਦੀ ਨਜ਼ਰ ਪੰਜਾਬ ਵਿਧਾਨ ਸਭਾ ਦੇ ਫੈਸਲਿਆਂ ਵਲ ਵੀ ਰਹਿਣ ਵਾਲੀ ਹੈ । ਇਥੇ ਇਹ ਗੱਲ ਵਰਨਣਯੋਗ ਹੈ ਕਿ ਕਿਸਾਨ ਜੱਥੇਬੰਦੀਆਂ ਨੇ ਜਿਥੇ ਸੁਪਰੀਮ ਕੋਰਟ ਵੱਲੋਂ ਕੇਂਦਰ ਸਰਕਾਰ ਨੂੰ ਝਾੜ ਪਾਉਣ ਉਤੇ ਤਾਂ ਸਹਿਮਤੀ ਪ੍ਰਗਟ ਕੀਤੀ ਹੈ ਉਥੇ ਸੁਪਰੀਮ ਕੋਰਟ ਵੱਲੋਂ ਬਣਾਈ ਚਾਰ ਮੈਂਬਰੀ ਕਮੇਟੀ ਅੱਗੇ ਪੇਸ਼ ਹੋਣ ਤੋਂ ਮੁਕੰਮਲ ਇਨਕਾਰ ਕੀਤਾ ਹੈ ਅਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਫੈਸਲੇ ਉਤੇ ਹੀ ਅੰਦੋਲਨ ਵਾਪਸ ਕਰਨ ਦਾ ਐਲਾਨ ਕੀਤਾ ਹੋਇਆ ਹੈ।