You are currently viewing ਜਲੰਧਰ ’ਚ ਫਿਰਤੂ ਟੀਕਾਕਰਨ ਮੁਹਿੰਮ ਦੀ ਹੋਈ ਸ਼ੁਰੂਆਤ- ਜਾਣੋ ਕਿਵੇਂ ਲੈ ਸਕਦੇ ਹੋ ਲਾਭ

ਜਲੰਧਰ ’ਚ ਫਿਰਤੂ ਟੀਕਾਕਰਨ ਮੁਹਿੰਮ ਦੀ ਹੋਈ ਸ਼ੁਰੂਆਤ- ਜਾਣੋ ਕਿਵੇਂ ਲੈ ਸਕਦੇ ਹੋ ਲਾਭ

ਸ਼ਹਿਰੀ ਅਤੇ ਦਿਹਾਤੀ ਖੇਤਰ ਦੀਆਂ ਵੱਖ-ਵੱਖ ਥਾਵਾਂ ਨੂੰ ਮੁਹਿੰਮ ਦੌਰਾਨ ਕੀਤਾ ਜਾਵੇਗਾ ਕਵਰ- ਡਿਪਟੀ ਕਮਿਸ਼ਨਰ

-ਯੋਗ ਲਾਭਪਾਤਰੀਆ ਨੂੰ ਨੇੜਲੀਆਂ ਥਾਵਾਂ ਤੋਂ ਕੋਵਿਡ ਟੀਕਾਕਰਨ ਸਹੂਲਤ ਦਾ ਲਾਭ ਉਠਾਉਣ ਦਾ ਸੱਦਾ

ਜਲੰਧਰ 27 ਮਾਰਚ (ਗੁਰਪ੍ਰੀਤ ਸਿੰਘ ਸੰਧੂ)- ਜ਼ਿਲ੍ਹੇ ਵਿੱਚ ਇਕ ਵਿਸ਼ੇਸ਼ ਪਹਿਲਕਦਮੀ ਸ਼ੁਰੂ ਕਰਦਿਆਂ ਯੋਗ ਲਾਭਪਾਤਰੀਆਂ ਨੂੰ ਉਨਾਂ ਦੇ ਘਰਾਂ ਦੇ ਨੇੜੇ ਕੋਵਿਡ ਟੀਕਾਕਰਨ ਦੀ ਸਹੂਲਤ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੱਜ ਜ਼ਿਲ੍ਹੇ ਵਿੱਚ ਕੋਵਿਡ ਵੈਕਸੀਨ ਲਗਾਉਣ ਲਈ ਮੋਬਾਇਲ ਟੀਕਾਕਰਨ ਵੈਨ ਦੀ ਸ਼ੁਰੂਆਤ ਕੀਤੀ ਗਈ। ਇਸ ਮੋਬਾਇਲ ਵੈਨ ਵਿੱਚ ਲੋੜੀਂਦਾ ਸਾਜ਼ੋ ਸਮਾਨ ਅਤੇ ਅਮਲਾ ਮੌਜੂਦ ਹੋਵੇਗਾ ਅਤੇ ਇਹ ਵੈਨ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿੱਚ ਵੱਖ-ਵੱਖ ਥਾਵਾਂ ’ਤੇ ਜਾ ਕੇ ਯੋਗ ਲਾਭਪਾਤਰੀਆਂ ਨੂੰ ਕੋਵਿਡ ਵੈਕਸੀਨ ਦਾ ਟੀਕਾ ਲਗਾਉਣ ਲਈ ਮੌਕੇ ’ਤੇ ਸਹੂਲਤ ਪ੍ਰਦਾਨ ਕਰੇਗੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਮੋਬਾਇਲ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਪੰਜਾਬ ਰੋਡਵੇਜ ਦਫ਼ਤਰ ਤੋਂ ਕੀਤੀ ਗਈ ਹੈ ਜਿਥੇ ਰੋਡਵੇਜ਼ ਦੇ ਸਾਰੇ ਅਮਲੇ ਨੂੰ ਕੋਵਿਡ ਵੈਕਸੀਨ ਲਗਾਈ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਉਪਰੰਤ ਵੈਨ ਵਲੋਂ ਪ੍ਰਵਾਸੀ ਮਜ਼ਦੂਰਾਂ ਨੂੰ ਕੋਵਿਡ ਵੈਕਸੀਨ ਲਗਾਉਣ ਲਈ ਉਦਯੋਗਿਕ ਖੇਤਰ ਦਾ ਦੌਰਾ ਕੀਤਾ ਗਿਆ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਮੁਹਿੰਮ ਚਲਾਉਣ ਦਾ ਮੁੱਖ ਮੰਤਵ ਜ਼ਿਲ੍ਹਾ ਵਾਸੀਆਂ ਨੂੰ ਕੋਵਿਡ ਵੈਕਸੀਨ ਲਗਾਉਣ ਲਈ ਅੱਗੇ ਆਉਣ ਲਈ ਪ੍ਰੇਰਿਤ ਤੇ ਜਾਗਰੂਕ ਕਰਨਾ ਹੈ ਕਿਉਂਕਿ ਕੋਵਿਡ ਵਾਇਰਸ ਤੋਂ ਬੱਚਣ ਲਈ ਕੇਵਲ ਕੋਵਿਡ ਵੈਕਸੀਨ ਲਗਾਉਣਾ ਹੀ ਇਕੋ ਇਕ ਹੱਲ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ’ਤੇ ਕੋਵਿਡ ਵੈਕਸੀਨ ਲਗਾਉਣ ਤੋਂ ਇਲਾਵਾ ਲਾਭਪਾਤਰੀਆਂ ਨੂੰ ਘਰਾਂ ਦੇ ਨੇੜਲੇ ਵੈਕਸੀਨ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਲਾਭਪਾਤਰੀ ਆਪਣੇ ਘਰ ਦੇ ਨੇੜੇ ਹੀ ਕੋਵਿਡ ਵੈਕਸੀਨ ਲਗਾਉਣ ਦੀ ਸਹੂਲਤ ਪ੍ਰਾਪਤ ਕਰ ਸਕਣਗੇ ਅਤੇ ਆਉਣ ਵਾਲੇ ਦਿਨਾਂ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਕੋਵਿਡ ਵੈਕਸੀਨ ਲਗਾਉਣ ਲਈ ਵੈਨਾਂ ਦੁਆਰਾ ਕਵਰ ਕੀਤਾ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੋਬਾਇਲ ਟੀਕਾਕਰਨ ਮੁਹਿੰਮ ਦੌਰਾਨ ਯੋਗ ਲਾਭਪਾਤਰੀਆਂ ਨੂੰ ਕੋਵਿਡ ਵੈਕਸੀਨ ਲਗਾਉਣ ਲਈ ਪਹਿਲਾਂ ਸਲਾਟ ਬੁੱਕ ਕਰਨ ਦੀ ਲੋੜ ਨਹੀਂ ਹੈ , ਇਹ ਸਹੂਲਤ ਮੋਬਾਇਲ ਕੈਂਪ ਦੌਰਾਨ ਉਨਾ ਨੂੰ ਮੌਕੇ ’ਤੇ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਸਿਹਤ ਟੀਮਾਂ ਵਲੋਂ ਹੁਣ ਵਿਸ਼ੇਸ਼ ਖੇਤਰਾਂ ਫੈਕਟਰੀਆਂ/ਪਿੰਡਾਂ/ਰਿਹਾਇਸ਼ੀ ਸੁਸਾਇਟੀਆਂ ਜਾਂ ਪ੍ਰਾਈਵੇਟ ਸੰਸਥਾਵਾਂ ਵਿੱਚ ਜਾ ਕੇ ਯੋਗ ਲਾਭਪਾਤਰੀਆਂ ਨੂੰ ਕੋਵਿਡ ਵੈਕਸੀਨ ਲਗਾਈ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆ ਨੂੰ ਕੋਵਿਡ ਵੈਕਸੀਨ ਲਗਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਸ ਨਾਲ ਉਨਾਂ ਦੀ ਇਮਿਊਨਟੀ ਪ੍ਰਣਾਲੀ ਮਜ਼ਬੂਤ ਹੋਵੇਗੀ ਅਤੇ ਇਸ ਨਾਲ ਉਹ ਕੋਵਿਡ ਦੇ ਬੁਰੇ ਪ੍ਰਭਾਵਾਂ ਤੋਂ ਬਚੇ ਰਹਿਣਗੇ। ਉਨ੍ਹਾਂ ਕਿਹਾ ਕਿ ਕੋਵਿਡ ਦੀ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਕੋਵਿਡ ਵੈਕਸੀਨ ਲਗਾਉਣਾ ਸਮੇਂ ਦੀ ਲੋੜ ਹੈ , ਇਸ ਲਈ ਸਾਰੇ ਯੋਗ ਲਾਭਪਾਤਰੀਆਂ ਨੂੰ ਵੈਕਸੀਨ ਲਗਵਾਉਣ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਲਾਭਪਾਤਰੀਆਂ ਦੀ ਇਮਿਊਨਟੀ ਵਿੱਚ ਵਾਧਾ ਕਰਨ ਤੋਂ ਇਲਾਵਾ ਉਨਾਂ ਅੰਦਰ ਆਤਮ ਵਿਸ਼ਵਾਸ ਨੂੰ ਵੀ ਵਧਾਏਗਾ।