You are currently viewing ਸੁਲਤਾਨਪੁਰ ਲੋਧੀ ਵਿਖੇ ਨਗਰ ਸੁਧਾਰ ਟਰੱਸਟ ਦਾ ਗਠਨ
ਕਾਂਗਰਸ ਵਿਧਾਇਕ ਨਵਤੇਜ ਸਿੰਘ ਚੀਮਾ

ਸੁਲਤਾਨਪੁਰ ਲੋਧੀ ਵਿਖੇ ਨਗਰ ਸੁਧਾਰ ਟਰੱਸਟ ਦਾ ਗਠਨ

ਸੁਲਤਾਨਪੁਰ ਲੋਧੀ (ਕੇ.ਐਸ. ਕੌੜਾ)-ਪੰਜਾਬ ਸਰਕਾਰ ਵਲੋਂ ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਨਗਰ ਸੁਧਾਰ ਟਰੱਸਟ ਦਾ ਗਠਨ ਕੀਤਾ ਗਿਆ ਹੈ। ਇਸ ਪ੍ਰਾਪਤੀ ਦੇ ਲਈ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਅੱਜ ਇੱਥੇ ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ ਆਪਣੇ ਸਾਥੀਆ ਸਮੇਤ ਨਤਮਸਤਕ ਹੋਣ ਲਈ ਪੁੱਜੇ। ਚੀਮਾ ਨੇ ਕਿਹਾ ਕਿ ਇਸ ਨਾਲ ਪਵਿੱਤਰ ਨਗਰੀ ਦੇ ਯੋਜਨਾਬੱਧ ਵਿਕਾਸ,  ਬੁਨਿਆਦੀ ਢਾਂਚੇ ਦੇ ਵਿਸਥਾਰ ਵਿਚ ਵੱਡੀ ਮਦਦ ਮਿਲੇਗੀ, ਜਿਸ ਨਾਲ ਇਹ ਸ਼ਹਿਰ ਇੱਥੇ ਆਸਥਾ ਲੈ ਕੇ ਆਉਣ ਵਾਲੇ ਲੱਖਾਂ ਸ਼ਰਧਾਲੂਆਂ ਤੇ ਸਥਾਨਕ ਲੋਕਾਂ ਨੂੰ ਬਿਹਤਰੀਨ ਸਹੂਲਤਾਂ ਮੁਹੱਈਆ ਕਰਵਾਉਣ ਦੇ ਸਮਰੱਥ ਹੋਵੇਗਾ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਕੁਝ ਦਿਨ ਪਹਿਲਾਂ ਹੀ ਸੂਬੇ ਦੇ ਸਤਿਕਾਰਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਸੁਲਤਾਨਪੁਰ ਲੋਧੀ ਸ਼ਹਿਰ ਦੇ ਹੋਰ ਤੇਜੀ ਨਾਲ ਵਿਕਾਸ ਲਈ ਇਸਨੂੰ  ਨਗਰ ਸੁਧਾਰ ਟਰੱਸਟ ਬਣਾਏ ਜਾਣ ਦੀ ਮੰਗ ਕੀਤੀ ਸੀ,  ਜਿਸ ਉੱਪਰ ਉਨ੍ਹਾਂ ਤੁਰੰਤ ਸਥਾਨਕ ਸਰਕਾਰਾਂ ਵਿਭਾਗ ਨੂੰ ਕਾਰਵਾਈ ਕਰਨ ਦੇ ਹੁਕਮ ਦਿੱਤੇ ਸਨ।  ਕੈਪਟਨ ਸਰਕਾਰ ਦਾ ਇਹ ਇਕ ਇਤਿਹਾਸਕ ਫੈਸਲਾ ਹੈ, ਗੁਰੂ ਕੀ ਨਗਰੀ ਪ੍ਰਤੀ ਪ੍ਰੇਮ ਭਾਵਨਾ ਦਾ ਪ੍ਰਗਟਾਵਾ ਕਰਦਿਆਂ ਇਸਨੂੰ ਨਗਰ ਸੁਧਾਰ ਟਰੱਸਟ ਨਾਲ ਨਿਵਾਜਿਆ ਗਿਆ ਹੈ।