You are currently viewing ਪੰਜਾਬ ਦੇ ਲੋਕਾਂ ਨੂੰ ਤਾਂ ਦੂਰ ਵਿਧਾਨ ਸਭਾ ਦੇ ਡਿਪਟੀ ਸਪੀਕਰ ਨੂੰ ਵੀ ਨਹੀਂ ਆਪਣੀ ਸਰਕਾਰ ਉੱਪਰ ਭਰੋਸਾ-ਡਾਕਟਰ ਸੁਭਾਸ਼ ਸ਼ਰਮਾ

ਪੰਜਾਬ ਦੇ ਲੋਕਾਂ ਨੂੰ ਤਾਂ ਦੂਰ ਵਿਧਾਨ ਸਭਾ ਦੇ ਡਿਪਟੀ ਸਪੀਕਰ ਨੂੰ ਵੀ ਨਹੀਂ ਆਪਣੀ ਸਰਕਾਰ ਉੱਪਰ ਭਰੋਸਾ-ਡਾਕਟਰ ਸੁਭਾਸ਼ ਸ਼ਰਮਾ

ਚੰਡੀਗੜ੍ਹ, 22 ਦਸੰਬਰ (ਕੇਸਰੀ ਨਿਊਜ਼ ਨੈੱਟਵਰਕ) -ਪੰਜਾਬ ਭਾਜਪਾ ਦੇ ਜਨਰਲ ਸਕੱਤਰ ਡਾ: ਸੁਭਾਸ਼ ਸ਼ਰਮਾ ਨੇ ਕਾਂਗਰਸ ਪਾਰਟੀ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜੇਕਰ ਸੱਤਾਧਾਰੀ ਪਾਰਟੀ ਦੇ ਵਿਧਾਇਕ ਅਤੇ ਸਦਨ ‘ਚ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਜਨਤਾ ਵਿਚਕਾਰ ਆਪਣੀ ਹੀ ਸਰਕਾਰ ਦੀ ਨਾਕਾਮੀ ਦਾ ਰੋਣਾ ਰੋਂਦੇ ਹਨ ਤਾਂ ਪੰਜਾਬ ਦੇ ਲੋਕਾਂ ਨੂੰ ਸਹਿਜੇ ਹੀ ਸਮਝ ਜਾਣਾ ਚਾਹੀਦਾ ਹੈ ਕਿ ਇਹ ਸਰਕਾਰ ਇੱਥੋਂ ਦੇ ਲੋਕਾਂ ਦਾ ਕੀ ਭਲਾ ਕਰ ਸਕਦੀ ਹੈ।

ਉਨ੍ਹਾਂ ਕਿਹਾ ਕਿ ਮਲੋਟ ‘ਚ ਧਰਨਾ ਦੇ ਰਹੇ ਜੁਆਇੰਟ ਐਕਸ਼ਨ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗ ਦੌਰਾਨ ਡਿਪਟੀ ਸਪੀਕਰ ਵੱਲੋਂ ਮੁੱਖ ਮੰਤਰੀ ਚੰਨੀ ਅਤੇ ਮਾਲ ਮੰਤਰੀ ਮਨਪ੍ਰੀਤ ਬਾਦਲ ਨੂੰ ਵਿਕਾਸ ਕਾਰਜਾਂ ਲਈ ਫੰਡ ਜਾਰੀ ਨਾ ਕਰਨ ‘ਤੇ ਵਿਸ਼ਵਾਸ਼ਘਾਤੀ ਕਹਿਣ ਤੋਂ ਹੀ ਪਾਰਟੀ ਦੀਆਂ ਮਾੜੀਆਂ ਨੀਤੀਆਂ ਦਾ ਪਰਦਾਫਾਸ਼ ਹੋ ਗਿਆ ਹੈ।

 ਡਾ: ਸ਼ਰਮਾ ਨੇ ਕਿਹਾ ਕਿ ਪੰਜਾਬ ਦੀ ਸੱਤਾਧਾਰੀ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਵੱਲ ਧਿਆਨ ਦੇਣ ਦੀ ਬਜਾਏ ਸਿਰਫ਼ ਝੂਠੇ ਵਾਅਦਿਆਂ ‘ਤੇ ਹੀ ਧਿਆਨ ਕੇਂਦਰਿਤ ਕਰਨ ਤੱਕ ਸੀਮਤ ਹੋ ਕੇ ਰਹਿ ਗਈ ਹੈ | ਵਿਧਾਨ ਸਭਾ ਡਿਪਟੀ ਸਪੀਕਰ ਵੱਲੋਂ ਆਪਣੀ ਹੀ ਸਰਕਾਰ ਦੇ ਮੁਖੀ ਨੂੰ ਕਟਹਿਰੇ ਵਿੱਚ ਖੜ੍ਹਾ ਕਰਨਾ ਸਾਬਤ ਕਰਦਾ ਹੈ ਕਿ ਕਾਂਗਰਸ ਪਾਰਟੀ ਵਿੱਚ ਉਨ੍ਹਾਂ ਦੇ ਹੀ ਵਿਧਾਇਕਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਹੀਂ ਲਿਆ ਜਾਂਦਾ।