ਆਬਕਾਰੀ ਅਧਿਕਾਰੀਆਂ ਨੂੰ ਅਣ ਅਧਿਕਾਰਤ ਸ਼ਰਾਬ ਜ਼ਬਤ ਕਰਨ ਲਈ ਚੈਕਿੰਗ ਤੇਜ਼ ਕਰਨ ਦੇ ਨਿਰਦੇਸ਼
ਸ਼ੱਕੀ ਗਤੀਵਿਧੀਆਂ ‘ਤੇ ਤਿੱਖੀ ਨਜ਼ਰ ਰੱਖਣ ਲਈ ਹਰੇਕ ਹਲਕੇ ‘ਚ ਆਬਕਾਰੀ ਅਧਿਕਾਰੀਆਂ ਦੀਆਂ ਟੀਮਾਂ ਤਾਇਨਾਤ
ਜਲੰਧਰ, 13 ਜਨਵਰੀ (Kesari News Network)-Deputy comissioner Excise ਜਲੰਧਰ ਜ਼ੋਨ ਜਸਕਰਨ ਸਿੰਘ ਬਰਾੜ ਨੇ ਜ਼ਿਲ੍ਹੇ ਦੇ ਸ਼ਰਾਬ ਦੇ ਠੇਕਿਆਂ ਨੂੰ ਹਦਾਇਤ ਕੀਤੀ ਕਿ ਚੋਣ ਪ੍ਰਕਿਰਿਆ ਦੌਰਾਨ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ ਨਹੀਂ ਤਾਂ ਕਿਸੇ ਵੀ ਉਲੰਘਣਾ ਦੀ ਸੂਰਤ ਵਿੱਚ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਉਨ੍ਹਾਂ ਨੇ ਇਹ ਵੀ ਦੱਸਿਆ ਕਿ ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਵੱਲੋਂ ਸ਼ਰਾਬ ਵਿਕਰੇਤਾਵਾਂ ਅਤੇ ਵਪਾਰੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਪਹਿਲਾਂ ਹੀ ਦਿਸ਼ਾ-ਨਿਰਦੇਸ਼ਾਂ ਬਾਰੇ ਜਾਣੂ ਕਰਵਾਇਆ ਜਾ ਚੁੱਕਾ ਹੈ।ਉਨ੍ਹਾਂ ਕਿਹਾ ਕਿ ਸ਼ਰਾਬ ਵਿਕਰੇਤਾਵਾਂ ਤੇ ਵਪਾਰੀਆਂ ਨੂੰ ਉਕਤ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਨਹੀਂ ਤਾਂ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਆਬਕਾਰੀ ਟੀਮਾਂ ਵੱਲੋਂ ਜਲੰਧਰ ਰੇਂਜ-2 ਵਿੱਚ ਪੈਂਦੇ ਹੋਟਲਾਂ, ਰੈਸਟੋਰੈਂਟਾਂ ਅਤੇ ਬਾਰਾਂ ਆਦਿ ਦੀ ਚੈਕਿੰਗ ਕੀਤੀ ਜਾ ਰਹੀ ਹੈ। ਟੀਮਾਂ ਵੱਲੋਂ ਹਾਲ ਹੀ ਵਿੱਚ ਅੰਮ੍ਰਿਤਸਰ ਦੇ ਤਿੰਨ ਅਤੇ ਜਲੰਧਰ ਦੇ ਇੱਕ ਰੈਸਟੋਰੈਂਟ/ਬਾਰ ਵਿੱਚੋਂ ਅਣ ਅਧਿਕਾਰਤ ਸ਼ਰਾਬ ਜ਼ਬਤ ਕਰਕੇ ਆਬਕਾਰੀ ਐਕਟ ਤਹਿਤ ਕਾਰਵਾਈ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਆਬਕਾਰੀ ਟੀਮਾਂ ਵੱਲੋਂ ਦਸੰਬਰ ਮਹੀਨੇ ਵਿੱਚ ਜਲੰਧਰ, ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿੱਚ ਭਾਰੀ ਮਾਤਰਾ ਵਿੱਚ ਲਾਹਣ ਬਰਾਮਦ ਕਰਕੇ ਨਸ਼ਟ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਦਸੰਬਰ ਵਿੱਚ 1939042 ਕਿੱਲੋ ਲਾਹਣ, 3694.93 ਲੀਟਰ ਨਾਜਾਇਜ਼ ਸ਼ਰਾਬ ਅਤੇ 11480 ਲੀਟਰ ਸਮੱਗਲ ਕੀਤੀ ਸ਼ਰਾਬ ਫੜੀ ਗਈ ਹੈ।