ਚੰਡੀਗੜ੍ਹ, 4 ਮਾਰਚ (ਕੇਸਰੀ ਨਿਊਜ਼ ਨੈੱਟਵਰਕ)– ਯੂਕਰੇਨ ਤੋਂ ਹੁਣ ਤੱਕ 225 ਵਿਦਿਆਰਥੀ ਸਹੀ ਸਲਾਮਤ ਪੰਜਾਬ ਪਰਤ ਚੁੱਕੇ ਹਨ। ਇਹ ਪ੍ਰਗਟਾਵਾ ਪੰਜਾਬ ਦੇ ਮੁੱਖ ਸਕੱਤਰ ਅਨਿਰੁਧ ਤਿਵਾੜੀ ਦੀ ਪ੍ਰਧਾਨਗੀ ਵਿੱਚ ਸ਼ੁੱਕਰਵਾਰ ਨੂੰ ਉਨ੍ਹਾਂ ਦੇ ਦਫ਼ਤਰ ਵਿਖੇ ਹੋਈ ਮੀਟਿੰਗ ਦੌਰਾਨ ਕੀਤਾ ਗਿਆ।
ਸੂਬਾ ਸਰਕਾਰ ਵੱਲੋਂ 24 ਘੰਟੇ ਸੇਵਾ ਮੁਹੱਈਆ ਕਰਵਾਉਣ ਲਈ ਵਿਸ਼ੇਸ ਤੌਰ ਉੱਤੇ ਸਥਾਪਿਤ ਕੀਤੇ ਕੰਟਰੋਲ ਰੂਮ ਦੇ ਸੰਪਰਕ ਨੰਬਰ 1100 (ਪੰਜਾਬ ਵਿੱਚੋਂ ਕਾਲ ਕਰਨ ਲਈ) ਅਤੇ +91-172-4111905 (ਭਾਰਤ ਤੋਂ ਬਾਹਰੋਂ ਕਾਲ ਕਰਨ ਲਈ) `ਤੇ ਆਈਆਂ ਕਾਲਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਦੌਰਾਨ ਮੁੱਖ ਸਕੱਤਰ ਨੂੰ ਦੱਸਿਆ ਗਿਆ ਕਿ ਹੁਣ ਤੱਕ ਕੰਟਰੋਲ ਰੂਮ ਨੰਬਰਾਂ `ਤੇ ਕੁੱਲ 476 ਕਾਲਾਂ ਪ੍ਰਾਪਤ ਹੋਈਆਂ ਹਨ ਅਤੇ ਇਹ ਕਾਲਾਂ ਤੁਰੰਤ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੂੰ ਭੇਜੀਆਂ ਜਾ ਰਹੀਆਂ ਹਨ ਤਾਂ ਜੋ ਯੂਕਰੇਨ ਵਿੱਚ ਫਸੇ ਲੋਕਾਂ ਦੀ ਸੁਰੱਖਿਅਤ ਵਤਨ ਵਾਪਸੀ ਨੂੰ ਯਕੀਨੀ ਬਣਾਇਆ ਜਾ ਸਕੇੇ।ਉਨ੍ਹਾਂ ਨੂੰ ਇਹ ਵੀ ਦੱਸਿਆ ਗਿਆ ਕਿ ਸੂਬਾ ਸਰਕਾਰ ਦੇ ਅਧਿਕਾਰੀਆਂ ਵੱਲੋਂ ਵੀ 326 ਪ੍ਰਭਾਵਿਤ ਪਰਿਵਾਰਾਂ ਤੱਕ ਪਹੁੰਚ ਕੀਤੀ ਗਈ।
ਸ੍ਰੀ ਤਿਵਾੜੀ ਨੇ ਪ੍ਰਭਾਵਿਤ ਵਿਅਕਤੀਆਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਅਪੀਲ ਕੀਤੀ ਕਿ ਉਹ ਤੁਰੰਤ ਪੰਜਾਬ ਸਰਕਾਰ ਦੇ ਹੈਲਪਲਾਈਨ ਨੰਬਰਾਂ `ਤੇ ਸੰਪਰਕ ਕਰਨ ਤਾਂ ਜੋ ਉਨ੍ਹਾਂ ਦੀ ਮਦਦ ਕੀਤੀ ਜਾ ਸਕੇ। ਉਨ੍ਹਾਂ ਯੂਕਰੇਨ `ਚ ਫਸੇ ਹੋਏ ਵਿਅਕਤੀਆਂ ਦੇ ਮਾਪਿਆਂ ਅਤੇ ਰਿਸ਼ਤੇਦਾਰਾਂ ਨੂੰ ਇਹ ਅਪੀਲ ਵੀ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਰਹੱਦੀ ਚੌਕੀਆਂ `ਤੇ ਸਫ਼ਾਰਤਖ਼ਾਨਾ (ਅੰਬੈਸੀ) ਅਤੇ ਭਾਰਤ ਸਰਕਾਰ ਦੇ ਅਧਿਕਾਰੀਆਂ ਨਾਲ ਸੰਪਰਕ ਕਰਨ ਅਤੇ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਹਿਣ।
ਰੈਜ਼ੀਡੈਂਟ ਕਮਿਸ਼ਨਰ, ਪੰਜਾਬ ਸ੍ਰੀਮਤੀ ਰਾਖੀ ਗੁਪਤਾ ਭੰਡਾਰੀ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ ਯੂਕਰੇਨ `ਚ ਫਸੇ ਵਿਦਿਆਰਥੀਆਂ ਅਤੇ ਵਿਅਕਤੀਆਂ ਦੀ ਸੁਰੱਖਿਅਤ ਵਤਨ ਵਾਪਸੀ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਉਹ ਭਾਰਤੀ ਸਫ਼ਾਰਤਖ਼ਾਨੇ ਨਾਲ ਲਗਾਤਾਰ ਸੰਪਰਕ ਵਿੱਚ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪੰਜਾਬ ਦੇ ਕਿਸੇ ਵੀ ਵਸਨੀਕ ਨੂੰ ਆਪਣੇ ਘਰ ਪਰਤਣ ਵਿੱਚ ਕਿਸੇ ਕਿਸਮ ਦੀ ਕੋਈ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਏ.ਡੀ.ਜੀ.ਪੀ. (ਲੋਕ ਸਿ਼ਕਾਇਤਾਂ) ਅਤੇ 24 ਘੰਟੇ ਡੈਡੀਕੇਟਡ ਕੰਟਰੋਲ ਰੂਮ ਦੇ ਸਟੇਟ ਨੋਡਲ ਅਫਸਰ ਸ੍ਰੀ ਐਮ.ਐਫ. ਫਾਰੂਕੀ ਨੇ ਦੱਸਿਆ ਕਿ ਯੂਕਰੇਨ ਤੋਂ ਵਾਪਸ ਪਰਤੇ ਵਿਦਿਆਰਥੀਆਂ ਨੇ ਉਨ੍ਹਾਂ ਦੀ ਸੁਰੱਖਿਅਤ ਵਾਪਸੀ ਲਈ ਕੀਤੇ ਯਤਨਾਂ ਲਈ ਸੂਬਾ ਸਰਕਾਰ ਦਾ ਧੰਨਵਾਦ ਕੀਤਾ।
ਮੀਟਿੰਗ ਵਿੱਚ ਗ੍ਰਹਿ ਵਿਭਾਗ ਦੇ ਪ੍ਰਮੁੱਖ ਸਕੱਤਰ ਸ਼੍ਰੀ ਅਨੁਰਾਗ ਵਰਮਾ, ਆਮ ਪ੍ਰਸ਼ਾਸਨ ਤੇੇ ਤਾਲਮੇਲ ਵਿਭਾਗ ਦੇ ਪ੍ਰਮੁੱਖ ਸਕੱਤਰ ਸ਼੍ਰੀ ਵਿਵੇਕ ਪ੍ਰਤਾਪ ਸਿੰਘ, ਏ.ਡੀ.ਜੀ.ਪੀ. ਕਾਨੂੰਨ ਤੇ ਵਿਵਸਥਾ ਸ੍ਰੀ ਨਰੇਸ਼ ਅਰੋੜਾ, ਸਟੇਟ ਟਰਾਂਸਪੋਰਟ ਕਮਿਸ਼ਨਰ ਸ੍ਰੀ ਵਿਮਲ ਸੇਤੀਆ ਅਤੇ ਰਾਜ ਸਰਕਾਰ ਦੇ ਹੋਰ ਸੀਨੀਅਰ ਅਧਿਕਾਰੀ ਵੀ ਸ਼ਾਮਲ ਹੋਏ।