TRANSPORT MINISTER LALJIT SINGH BHULLAR INSTRUCT RTAs TO LAUNCH CHECKING CAMPAIGN TO STOP ILLEGAL BUSES
ਸਮੂਹ ਛੋਟੇ-ਵੱਡੇ ਬੱਸ ਆਪ੍ਰੇਟਰਾਂ ਨੂੰ ਟਾਈਮ ਟੇਬਲ ਵਿੱਚ ਤਰਕਸੰਗਤ ਸਮਾਂ ਦੇਣ ਦੇ ਨਿਰਦੇਸ਼
ਕਿਹਾ, ਟਾਈਮ ਟੇਬਲ ਵਿੱਚ ਵਿਤਕਰਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ
ਸਟੇਟ ਟਰਾਂਸਪੋਰਟ ਕਮਿਸ਼ਨਰ ਦੇ ਦਫ਼ਤਰ ਵਿਖੇ ਮੀਟਿੰਗ ਦੌਰਾਨ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਸਮੂਹ ਸਕੱਤਰਾਂ ਨੂੰ ਹਦਾਇਤ ਕੀਤੀ ਕਿ ਬੱਸਾਂ ਦੇ ਨਾਜਾਇਜ਼ ਆਪ੍ਰੇਸ਼ਨ ਨੂੰ ਰੋਕਣ ਸਬੰਧੀ ਸਕੱਤਰ ਆਰ.ਟੀ.ਏ., ਪੰਜਾਬ ਰੋਡਵੇਜ਼ ਦੇ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਚੈਕਿੰਗ ਮੁਹਿੰਮ ਵਿੱਢਣਗੇ। ਉਨ੍ਹਾਂ ਕਿਹਾ ਕਿ ਪੰਜਾਬ ਰੋਡਵੇਜ਼ ਦੇ ਅਧਿਕਾਰੀ ਇਹ ਵੀ ਯਕੀਨੀ ਬਣਾਉਣਗੇ ਕਿ ਬੱਸ ਅੱਡੇ ਤੋਂ ਕੋਈ ਵੀ ਨਾਜਾਇਜ਼ ਬੱਸ ਨਹੀਂ ਚੱਲੇਗੀ। ਜੇ ਕੋਈ ਅਜਿਹੀ ਬੱਸ ਚਲਦੀ ਪਾਈ ਜਾਂਦੀ ਹੈ ਤਾਂ ਉਸ ਬਾਰੇ ਤੁਰੰਤ ਸਬੰਧਤ ਆਰ.ਟੀ.ਏ. ਨੂੰ ਸੂਚਿਤ ਕੀਤਾ ਜਾਵੇ।
ਟਾਈਮ ਟੇਬਲ ਵਿੱਚ ਸਭ ਨੂੰ ਢੁਕਵਾਂ ਸਮਾਂ ਦੇਣ ਦੀ ਗੱਲ ਕਰਦਿਆਂ ਟਰਾਂਸਪੋਰਟ ਮੰਤਰੀ ਨੇ ਨਿਰਦੇਸ਼ ਦਿੱਤੇ, “ਭਾਵੇਂ ਕੋਈ ਵੱਡਾ ਬੱਸ ਆਪ੍ਰੇਟਰ ਹੈ ਜਾਂ ਛੋਟਾ, ਸਾਰਿਆਂ ਨੂੰ ਟਾਈਮ ਟੇਬਲ ਵਿੱਚ ਤਰਕਸੰਗਤ ਤੇ ਢੁਕਵਾਂ ਸਮਾਂ ਦਿੱਤਾ ਜਾਵੇ।” ਉਨ੍ਹਾਂ ਕਿਹਾ ਕਿ ਟਾਈਮ ਟੇਬਲ ਲਾਗੂ ਕਰਨ ਸਮੇਂ ਕਿਸੇ ਵੀ ਕਿਸਮ ਦਾ ਵਿਤਕਰਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਟਰਾਂਸਪੋਰਟ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਵਿਭਾਗ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਪਬਲਿਕ ਦੇ ਹਿੱਤਾਂ ਲਈ ਮਿਹਨਤ ਤੇ ਲਗਨ ਨਾਲ ਕੰਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਅਧਿਕਾਰੀ ਆਪਸ ਵਿੱਚ ਤਾਲਮੇਲ ਰੱਖਣ ਅਤੇ ਦਫ਼ਤਰੀ ਸਮੇਂ ਦੌਰਾਨ ਦਫ਼ਤਰ ਵਿੱਚ ਹਾਜ਼ਰ ਰਹਿ ਕੇ ਪਬਲਿਕ ਦੇ ਕੰਮਾਂ ਦਾ ਸਮੇਂ ਸਿਰ ਨਿਪਟਾਰਾ ਕਰਨਾ ਯਕੀਨੀ ਬਣਾਉਣ।
ਮੀਟਿੰਗ ਦੌਰਾਨ ਪ੍ਰਮੁੱਖ ਸਕੱਤਰ ਟਰਾਂਸਪੋਰਟ ਸ੍ਰੀ ਕੇ. ਸਿਵਾ ਪ੍ਰਸਾਦ, ਸਟੇਟ ਟਰਾਂਸਪੋਰਟ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ, ਵਧੀਕ ਸਟੇਟ ਟਰਾਂਸਪੋਰਟ ਕਮਿਸ਼ਨਰ ਸ੍ਰੀ ਅਮਰਬੀਰ ਸਿੰਘ ਸਿੱਧੂ, ਡਾਇਰੈਕਟਰ ਸਟੇਟ ਟਰਾਂਸਪੋਰਟ ਸ੍ਰੀਮਤੀ ਅਮਨਦੀਪ ਕੌਰ ਅਤੇ ਮੈਨੇਜਿੰਗ ਡਾਇਰੈਕਟਰ ਪੀ.ਆਰ.ਟੀ.ਸੀ. ਪਟਿਆਲਾ ਪਵਨਦੀਪ ਕੌਰ ਸਣੇ ਸਮੂਹ ਸਕੱਤਰ, ਰਿਜਨਲ ਟਰਾਂਸਪੋਰਟ ਅਥਾਰਟੀ ਅਤੇ ਪੰਜਾਬ ਰੋਡਵੇਜ਼ ਦੇ ਅਧਿਕਾਰੀ ਮੌਜੂਦ ਸਨ।