ਲੁਧਿਆਣਾ, (ਕੇਸਰੀ ਨਿਊਜ਼ ਨੈੱਟਵਰਕ)– ਕਾਂਗਰਸ ਦੇ ਸਾਬਕਾ ਰਾਜ ਸਭਾ ਮੈਂਬਰ ਅਤੇ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਹਮਲਾ ਬੋਲਿਆ ਹੈ। ਲੁਧਿਆਣਾ ‘ਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਘਰ ਉਨ੍ਹਾਂ ਨੂੰ ਮਿਲਣ ਆਏ ਬਾਜਵਾ ਨੇ ਕਿਹਾ ਕਿ ਪੰਜਾਬ ‘ਚ ਆਏ ਦਿਨ ਕਤਲ ਹੋ ਰਹੇ ਹਨ ਅਤੇ ਮੁੱਖ ਮੰਤਰੀ ਭਗਵੰਤ ਮਾਨ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮਿਲ ਕੇ ਕਦੇ ਗੁਜਰਾਤ ਅਤੇ ਕਦੇ ਹਿਮਾਚਲ ਪ੍ਰਦੇਸ਼ ‘ਚ ਪ੍ਰਚਾਰ ਕਰ ਰਹੇ ਹਨ। ਇਸ ਦੇ ਨਾਲ ਹੀ ਹਰਿਆਣਾ ਵਿਧਾਨ ਸਭਾ ਵਲੋਂ ਬੀਤੇ ਦਿਨੀਂ ਚੰਡੀਗੜ੍ਹ ਵਿਖੇ ਪਾਸ ਕੀਤੇ ਗਏ ਮਤੇ ‘ਤੇ ਉਨ੍ਹਾਂ ਕਿਹਾ ਕਿ ਇਹ ਹਮੇਸ਼ਾ ਹੀ ਨਿਯਮ ਰਿਹਾ ਹੈ ਕਿ ਜੇ ਸੂਬੇ ਦਾ ਹਿੱਸਾ ਹੁੰਦਾ ਹੈ ਰਾਜਧਾਨੀ ਉਸ ਨੂੰ ਹੀ ਮਿਲਦੀ ਹੈ। ਉਨ੍ਹਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਸਲਾਹ ਦਿੱਤੀ ਕਿ ਉਹ ਆਪਣੀ ਵਿਧਾਨ ਸਭਾ ਸੀਟ ਕਰਨਾਲ ਨੂੰ ਹਰਿਆਣਾ ਦੀ ਰਾਜਧਾਨੀ ਬਣਾਉਣ ਅਤੇ ਇਸ ਲਈ ਕੇਂਦਰ ਸਰਕਾਰ ਤੋਂ ਫ਼ੰਡ ਮੰਗਣ।