· ਏ.ਜੀ.ਟੀ.ਐਫ. ਨੂੰ ਅਤਿ-ਆਧੁਨਿਕ ਸਹੂਲਤਾਂ ਅਤੇ ਸਰੋਤਾਂ ਦੀ ਕਿਸੇ ਵੀ ਤਰ੍ਹਾਂ ਦੀ ਕਮੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ, ਉਹਨਾਂ ਦੀ ਸਰਕਾਰ ਵੱਲੋਂ ਪ੍ਰਦਾਨ ਕੀਤੇ ਜਾਣਗੇ ਢੁਕਵੇਂ ਸਰੋਤ
· ਅਪਰਾਧ ਨੂੰ ਰੋਕਣ ਲਈ ਸਖ਼ਤ ਕਾਰਵਾਈ ਕਰਨ ਦੀ ਲੋੜ ‘ਤੇ ਦਿੱਤਾ ਜ਼ੋਰ
ਚੰਡੀਗੜ੍ਹ, 8 ਅਪ੍ਰੈਲ (ਕੇਸਰੀ ਨਿਊਜ਼ ਨੈੱਟਵਰਕ)-ਗੈਂਗਸਟਰਾਂ ਨਾਲ ਕਿਸੇ ਵੀ ਤਰ੍ਹਾਂ ਦਾ ਲਿਹਾਜ਼ ਨਾ ਵਰਤਣ ਦਾ ਆਦੇਸ਼ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਨੇ ਅੱਜ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੂੰ ਸੂਬੇ ਵਿੱਚੋਂ ਗੈਂਗਸਟਰਾਂ ਦਾ ਬਿਲਕੁਲ ਸਫ਼ਾਇਆ ਕਰਨ ਲਈ ਕਿਹਾ ਤਾਂ ਜੋ ਲੋਕਾਂ ਦਾ ਕਾਨੂੰਨ ਅਤੇ ਵਿਵਸਥਾ ਵਿੱਚ ਭਰੋਸਾ ਕਾਇਮ ਕੀਤਾ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ, “ਪੰਜਾਬ ਦੇ ਤਿੰਨ ਕਰੋੜ ਲੋਕਾਂ ਨੂੰ ਸੁਰੱਖਿਆ ਪ੍ਰਦਾਨ ਕਰਨਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ ਅਤੇ ਉਹ ਇਸ ਮਾਮਲੇ ‘ਚ ਉਨ੍ਹਾਂ ਦਾ ਮਨੋਬਲ ਉੱਚਾ ਚੁੱਕਣ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ।” ਸ. ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਬਿਨਾਂ ਕਿਸੇ ਡਰ ਜਾਂ ਪੱਖਪਾਤ ਦੇ ਪੂਰੀ ਇਮਾਨਦਾਰੀ ਅਤੇ ਪੇਸ਼ੇਵਰ ਵਚਨਬੱਧਤਾ ਨਾਲ ਆਪਣੀ ਡਿਊਟੀ ਨਿਭਾਉਣ। ਉਨ੍ਹਾਂ ਨੇ ਏ.ਜੀ.ਟੀ.ਐਫ. ਟੀਮ ਦੇ ਅਧਿਕਾਰੀਆਂ ਨੂੰ ਆਪਣੀ ਡਿਊਟੀ ਨੂੰ ਕੁਸ਼ਲ ਤੇ ਸਹੀ ਢੰਗ ਨਾਲ ਨਾਲ ਨਿਭਾਉਣ ਲਈ ਹਰ ਸੰਭਵ ਮਦਦ ਦਾ ਭਰੋਸਾ ਦਿੰਦਿਆਂ ਕਿਹਾ ਕਿ ਉਹ ਸੂਬੇ ਵਿੱਚੋਂ ਗੈਂਗਸਟਰਾਂ ਨੂੰ ਖ਼ਤਮ ਕਰਨ ਦੀ ਇਸ ਵੱਡੀ ਚੁਣੌਤੀ ਦਾ ਸਾਹਮਣਾ ਕਰਨ ਲਈ ਪੂਰੀ ਤਰ੍ਹਾਂ ਸਮਰੱਥ ਹਨ।