ਬੀਬੀ ਰਾਜੂ ਨੇ ਦੋਸ਼ ਲਾਇਆ ਕਿ ਕਿਸਾਨਾਂ ’ਤੇ ਲਾਠੀਚਾਰਜ ਕਰਨ ਵਾਲੀ ਆਪ ਸਰਕਾਰ ਕਿਸਾਨਾਂ ਸਮੇਤ ਸੂਬੇ ਦੇ ਲੋਕਾਂ ਨਾਲ ਕੀਤੇ ਵਾਆਦਿਆ ਤੋਂ ਪਿੱਛੇ ਹਟ ਰਹੀ ਹੈ। ਉਨਾਂ ਕਿਹਾ ਕਿ ਲੋਕਾਂ ਨੇ ‘ਇੱਕ ਮੌਕਾ ਕੇਜਰੀਵਾਲ ਨੂੰ’ ਦਿੱਤਾ ਪਰ ਹਾਲੇ ਤੱਕ ਉਨਾਂ ਦੇ ਪੱਲੇ ਨਿਰਾਸ਼ਾ ਹੀ ਪਈ ਹੈ। ਖੇਤੀ ਤੇ ਕਿਸਾਨੀ ਮੁੱਦੇ ਅੱਖੋਂ-ਪ੍ਰੋਖੇ ਕੀਤੇ ਜਾ ਰਹੇ ਹਨ ਅਤੇ ਗਰਮੀ ਕਾਰਨ ਕਣਕ ਦਾ ਝਾੜ ਘਟਣ ਉਤੇ ਮੁਆਵਜ਼ਾ ਐਲਾਨਣ ਤੋਂ ਕੰਨੀ ਕਤਰਾ ਰਹੀ ਹੈ। ਉਨਾਂ ਇਹ ਵੀ ਕਿਹਾ ਕਿ ਭਗਵੰਤ ਮਾਨ ਦੀ ‘ਆਪ’ ਸਰਕਾਰ ਹੁਣ ਲੋਕਾਂ ਨਾਲ ਕੀਤੀਆਂ ਗਾਰੰਟੀਆਂ ਪੂਰੀਆਂ ਕਰੇ ਅਤੇ ਗੰਨੇ ਦੀ ਬਕਾਇਆ ਰਾਸੀ ਤੁਰੰਤ ਜਾਰੀ ਕੀਤੀ ਜਾਵੇ।
ਮਹਿਲਾ ਨੇਤਾ ਨੇ ਮੰਗ ਕੀਤੀ ਕਿ ਜਿਵੇਂ ਭਾਰਤ ਸਰਕਾਰ ਵੱਲੋਂ ਬੈਂਕਾਂ ਦੇ ਡਿਫਾਲਟਰ ਹੋਣ ’ਤੇ ਵੱਡੇ-ਵੱਡੇ ਉਦਯੋਗਪਤੀਆਂ ਨੂੰ ਕਰਜਿਆਂ ਵਿੱਚ ਰਾਹਤ ਦਿੱਤੀ ਜਾਂਦੀ ਹੈ ਉਸੇ ਤਰਜ਼ ’ਤੇ ਕਰਜਈ ਕਿਸਾਨਾਂ ਨੂੰ ਵੀ ਰਾਹਤ ਦਿੱਤੀ ਜਾਵੇ। ਕਿਸਾਨ ਆਗੂ ਬੀਬੀ ਰਾਜੂ ਨੇ ਮੰਗ ਕੀਤੀ ਕਿ ਭਾਰਤ ਮਾਲਾ ਯੋਜਨਾ ਦੇ ਨਿਰਮਾਣ ਲਈ ਕਿਸਾਨਾਂ ਦੀਆਂ ਐਕੁਆਇਰ ਹੋਣ ਵਾਲੀਆਂ ਜ਼ਮੀਨਾਂ ਦਾ ਮੁਆਵਜ਼ਾ ਉਸ ਇਲਾਕੇ ਦੇ ਮਾਰਕੀਟ ਰੇਟ ਅਨੁਸਾਰ ਦਿੱਤਾ ਜਾਵੇ ਅਤੇ ਮਸਲਾ ਹੱਲ ਹੋਣ ਤੱਕ ਪੱਤਰ ਜਾਰੀ ਕਰਕੇ ਸੜਕ ਨਿਰਮਾਣ ਦੇ ਕੰਮ ’ਤੇ ਰੋਕ ਲਗਾਈ ਜਾਵੇ।