ਭਗਵੰਤ ਮਾਨ ਨੇ ਅਫਸੋਸ ਜ਼ਾਹਰ ਕੀਤਾ ਕਿ ਅਕਾਲੀ ਦਲ, ਦਿੱਲੀ ਸਰਕਾਰ ਨਾਲ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ‘ਨਾਲੇਜ ਸ਼ੇਅਰਿੰਗ ਐਗਰੀਮੈਂਟ’ (ਕੇਐਸਏ) ਨੂੰ ਲੈ ਕੇ ਬੇਲੋੜਾ ਰੌਲਾ-ਰੱਪਾ ਪਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ 44 ਸਾਲਾਂ ਤੱਕ ਪੰਜਾਬ ‘ਤੇ ਰਾਜ ਕਰਨ ਵਾਲੀਆਂ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਲੋਕਾਂ ਦੀ ਭਲਾਈ ਅਤੇ ਸੂਬੇ ਦੀ ਖੁਸ਼ਹਾਲੀ ਲਈ ਕੋਈ ਠੋਸ ਕੰਮ ਕੀਤਾ ਹੁੰਦਾ ਤਾਂ ਉਨ੍ਹਾਂ ਨੂੰ ਇੰਨੀ ਵੱਡੀ ਨਮੋਸ਼ੀ ਦਾ ਸਾਹਮਣਾ ਨਾ ਕਰਨਾ ਪੈਂਦਾ। ਭਗਵੰਤ ਮਾਨ ਨੇ ਕਿਹਾ ਕਿ ਸੁਖਬੀਰ ਬਾਦਲ ਨੂੰ ਘੱਟੋ ਘੱਟ ਕੁਝ ਸਮਾਂ ਸਬਰ ਕਰਨਾ ਚਾਹੀਦਾ ਹੈ ਕਿਉਂਕਿ ‘ਆਪ’ ਸਰਕਾਰ ਨੇ ਆਪਣੇ 44 ਦਿਨ ਵੀ ਪੂਰੇ ਨਹੀਂ ਕੀਤੇ ਹਨ ਜਦੋਂ ਕਿ ਕਾਂਗਰਸ 25 ਸਾਲ ਤੋਂ ਵੱਧ ਸਮਾਂ ਸੱਤਾ ਵਿੱਚ ਰਹੀ ਅਤੇ ਅਕਾਲੀ ਦਲ ਨੇ 19 ਸਾਲ ਰਾਜ ਕੀਤਾ।
ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਬਾਦਲ ਨੂੰ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦਿੱਲੀ ਤੋਂ ਚਲਾਉਣ ਦੇ ਝੂਠੇ ਪ੍ਰਚਾਰ ਰਾਹੀਂ ਲੋਕਾਂ ਨੂੰ ਮੂਰਖ ਬਣਾਉਣ ਤੋਂ ਇਲਾਵਾ ਕੇ.ਐਸ.ਏ. ਬਾਰੇ ਝੂਠੇ ਦਸਤਾਵੇਜ਼ਾਂ ਦਾ ਹਵਾਲਾ ਦੇ ਕੇ ਲੋਕਾਂ ਨੂੰ ਗੁੰਮਰਾਹ ਨਹੀਂ ਕਰਨਾ ਚਾਹੀਦਾ।ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਬਾਦਲ ਝੋਨੇ ਦੀ ਪਰਾਲੀ ਤੋਂ ਬਿਜਲੀ ਦਾ ਉਤਪਾਦਨ ਕਰਨ ਲਈ ਸਹਿਯੋਗ ਵਾਸਤੇ ਚੀਨ ਗਏ ਸਨ ਅਤੇ ਉਨ੍ਹਾਂ ਦੇ ਪਿਤਾ ਪ੍ਰਕਾਸ਼ ਸਿੰਘ ਬਾਦਲ ਨੇ ਕੈਨੇਡਾ ਦੇ ਓਨਟਾਰੀਓ ਸੂਬੇ ਨਾਲ ਵੱਖ-ਵੱਖ ਖੇਤਰਾਂ ਵਿੱਚ ਕਈ ਸਮਝੌਤੇ ਕੀਤੇ ਸਨ। ਉਨ੍ਹਾਂ ਨੇ ਸੁਖਬੀਰ ਨੂੰ ਸਵਾਲ ਕੀਤਾ ਕਿ ਕੀ ਉਨ੍ਹਾਂ ਦੀ ਸਰਕਾਰ ਚੀਨ ਸਰਕਾਰ ਦੁਆਰਾ ਚਲਾਈ ਜਾਂਦੀ ਹੈ ਜਾਂ ਓਨਟਾਰੀਓ ਸੂਬੇ ਦੀ ਸਰਕਾਰ ਵੱਲੋਂ।
ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੂੰ ਆੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਸਿਆਸੀ ਸ਼ਹਿ ਲਈ ਬੇਬੁਨਿਆਦ ਦੋਸ਼ ਲਾਉਣ ਤੋਂ ਗੁਰੇਜ਼ ਕਰਨ ਲਈ ਕਿਹਾ ਅਤੇ ਉਨ੍ਹਾਂ ਨੂੰ ਉਹ ਵੇਲਾ ਯਾਦ ਦਿਵਾਇਆ ਜਦੋਂ ਉਨ੍ਹਾਂ ਦੀ ਪਾਰਟੀ ਦੇ ਸਾਬਕਾ ਮੁੱਖ ਮੰਤਰੀ ਆਪਣੇ ਵਿਦੇਸ਼ੀ ਮਹਿਮਾਨ ਦੇ ਕਹਿਣ ‘ਤੇ ਮੁੱਖ ਸਕੱਤਰ, ਡੀਜੀਪੀ ਵਰਗੇ ਸਿਖਰਲੇ ਅਧਿਕਾਰੀਆਂ ਅਤੇ ਉੱਚ ਅਧਿਕਾਰੀਆਂ ਦੀਆਂ ਤਾਇਨਾਤੀਆਂ ਅਤੇ ਤਬਾਦਲਿਆਂ ਦੇ ਹੁਕਮ ਦੇ ਰਹੇ ਸਨ। ਮੁੱਖ ਮੰਤਰੀ ਨੇ ਬਾਜਵਾ ਨੂੰ ਯਾਦ ਦਿਵਾਇਆ, “ਤੁਸੀਂ ਉਸ ਸਮੇਂ ਮੁੱਖ ਮੰਤਰੀ ਨੂੰ ਉਨ੍ਹਾਂ ਦੀ ਤਾਨਾਸ਼ਾਹੀ ਕਾਰਜਸ਼ੈਲੀ ਪ੍ਰਤੀ ਨਾਰਾਜ਼ਗੀ ਜ਼ਾਹਰ ਕਰਦੇ ਹੋਏ ਉਨ੍ਹਾਂ ਨੂੰ ਪੱਤਰ ਲਿਖ ਰਹੇ ਸੀ ਪਰ ਬਾਅਦ ਵਿਚ ਤਹਾਨੂੰ ਵੀ ਉਨ੍ਹਾਂ ਨਾਲ ਦੁਪਹਿਰ ਅਤੇ ਰਾਤ ਦਾ ਖਾਣਾ ਖਾਂਦੇ ਦੇਖਿਆ ਗਿਆ ਸੀ।
ਨਵਜੋਤ ਸਿੱਧੂ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਭ ਤੋਂ ਪਹਿਲਾਂ ਸਿੱਧੂ ਨੂੰ ਕਾਂਗਰਸ ਪਾਰਟੀ ਤੋਂ ਆਪਣੇ ਧੜੇ ਨੂੰ ਮਾਨਤਾ ਦਿਵਾਉਣੀ ਚਾਹੀਦੀ ਹੈ, ਜੋ ਕਿ ਰਾਜਪੁਰਾ ਵਿਖੇ ਬਿਜਲੀ ਸਮਝੌਤਿਆਂ ਦਾ ਵਿਰੋਧ ਕਰ ਰਹੀ ਸੀ ਅਤੇ ਇਸ ਲਈ ‘ਆਪ’ ਨੂੰ ਜ਼ਿੰਮੇਵਾਰ ਠਹਿਰਾ ਰਹੀ ਸੀ। ਸਿੱਧੂ ਦੇ ਆਪਮੁਹਾਰੇ ਕੰਮਕਾਜ ‘ਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਵੀ ਉਨ੍ਹਾਂ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਹ ਕਾਂਗਰਸ ਪਾਰਟੀ ਦਾ ਧਰਨਾ ਹੀ ਨਹੀਂ ਸੀ।
ਮੁੱਖ ਮੰਤਰੀ ਨੇ ਸਿੱਧੂ ਨੂੰ ਕਿਹਾ, “ਤੁਸੀਂ ਬਿਜਲੀ ਮੰਤਰੀ ਵਜੋਂ ਅਹੁਦਾ ਕਿਉਂ ਨਹੀਂ ਸੰਭਾਲਿਆ ਜਦੋਂ ਕਿ ਤੁਸੀਂ ਇਹਨਾਂ ਬਿਜਲੀ ਸਮਝੌਤਿਆਂ ਨੂੰ ਆਸਾਨੀ ਨਾਲ ਰੱਦ ਕਰ ਸਕਦੇ ਸੀ।” ਹਾਲਾਂਕਿ, ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਛੇਤੀ ਹੀ ਪੰਜਾਬ ਵਿਧਾਨ ਸਭਾ ਵਿੱਚ ਇਨ੍ਹਾਂ ਸਮਝੌਤਿਆਂ ਨੂੰ ਰੱਦ ਕਰ ਦੇਵੇਗੀ ਪਰ ਬਦਕਿਸਮਤੀ ਨਾਲ ਤੁਸੀਂ ਇਸ ਇਤਿਹਾਸਕ ਫੈਸਲੇ ਦਾ ਗਵਾਹ ਬਣਨ ਲਈ ਸਦਨ ਵਿੱਚ ਮੌਜੂਦ ਨਹੀਂ ਹੋਵੋਗੇ।
ਪੰਜਾਬ ਦੀ ਗੁਆਚੀ ਸ਼ਾਨ ਨੂੰ ਮੁੜ ਸੁਰਜੀਤ ਕਰਨ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਭਗਵੰਤ ਮਾਨ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਪੰਜਾਬੀ ਹੋਣ ਦੇ ਨਾਤੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ, “ਆਪ ਸਰਕਾਰ ਪੰਜਾਬ ਦੇ ਸਰਬਪੱਖੀ ਵਿਕਾਸ ਅਤੇ ਇਸ ਦੇ ਵਸਨੀਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਦੇਸ਼ ਦੇ ਅੰਦਰੋਂ ਹੀ ਨਹੀਂ ਸਗੋਂ ਵਿਸ਼ਵ ਭਰ ਦੇ ਕਿਸੇ ਵੀ ਸਾਰਥਕ ਵਿਕਾਸ ਮਾਡਲ ਨੂੰ ਲਾਗੂ ਕਰਨ ਦੀ ਪੂਰੀ ਕੋਸ਼ਿਸ਼ ਕਰੇਗੀ।