ਜਲੰਧਰ, 30 ਅਪ੍ਰੈਲ (ਕੇਸਰੀ ਨਿਊਜ਼ ਨੈੱਟਵਰਕ) : ਪੰਜਾਬ ਦੇ ਕਰ ਕਮਿਸ਼ਨਰ ਸ੍ਰੀ ਕਮਲ ਕਿਸ਼ੋਰ ਯਾਦਵ ਨੇ ਅੱਜ ਟੈਕਸ (ਕਰ) ਅਧਿਕਾਰੀਆਂ ਨੂੰ ਵੈਟ ਅਤੇ ਜੀਐਸਟੀ ਦੇ ਬਕਾਇਆ ਪਏ ਸਾਰੇ ਕੇਸਾਂ ਨੂੰ ਜੂਨ ਦੇ ਅੰਤ ਤੱਕ ਨਿਪਟਾਉਣ ਦੇ ਨਿਰਦੇਸ਼ ਦਿੱਤੇ ਹਨ।
ਅੱਜ ਇੱਥੇ ਜੀਐਸਟੀ ਭਵਨ ਵਿਖੇ ਕਰ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਰ ਕਮਿਸਨਰ ਨੇ ਕਿਹਾ ਕਿ ਸੂਬੇ ਭਰ ਦੇ ਵਪਾਰੀਆਂ ਨੂੰ ਲੋੜੀਂਦੀ ਰਾਹਤ ਦੇਣਾ ਸਮੇਂ ਦੀ ਮੁੱਖ ਲੋੜ ਹੈ। ਸ੍ਰੀ ਯਾਦਵ ਨੇ ਕਿਹਾ ਕਿ ਅਧਿਕਾਰੀ ਵੈਟ ਅਤੇ ਜੀਐਸਟੀ ਦੇ ਬਕਾਇਆ ਕੇਸਾਂ ਦਾ ਨਿਪਟਾਰਾ ਕਰਨ ਅਤੇ ਕਿਹਾ ਕਿ ਉਹ ਹਰ ਹਫਤੇ ਨਿੱਜੀ ਤੌਰ ’ਤੇ ਇਸ ਕੰਮ ਦੀ ਨਿਗਰਾਨੀ ਕਰਨਗੇ। ਉਨਾਂ ਕਿਹਾ ਕਿ ਇਸ ਕੰਮ ਵਿੱਚ ਕਿਸੇ ਵੀ ਤਰਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਕ ਹੋਰ ਮੁੱਦੇ ’ਤੇ ਚਰਚਾ ਕਰਦੇ ਹੋਏ ਕਰ ਕਮਿਸ਼ਨਰ ਨੇ ਕਿਹਾ ਕਿ ਹਰੇਕ ਅਧਿਕਾਰੀ ਇਹ ਯਕੀਨੀ ਬਣਾਏਗਾ ਕਿ ਅਸੈਸਮੈਂਟ ਕੇਸ ਸਤੰਬਰ ਦੇ ਅੰਤ ਤੱਕ ਮੁਕੰਮਲ ਹੋ ਜਾਣ। ਉਨਾਂ ਕਿਹਾ ਕਿ ਅਧਿਕਾਰੀ ਵਿੱਤੀ ਸਾਲ ਦੇ ਅੰਤ ਤੱਕ ਇੰਤਜਾਰ ਨਾ ਕਰਨ, ਸਗੋਂ ਬਾਰੀਕੀ ਨਾਲ ਅਧਿਐਨ ਕਰਕੇ ਸਤੰਬਰ ਦੇ ਅੰਤ ਤੱਕ ਇਸ ਕਾਰਜ ਨੂੰ ਨੇਪਰੇ ਚਾੜਨ। ਸ੍ਰੀ ਯਾਦਵ ਨੇ ਕਿਹਾ ਕਿ ਵਿਭਾਗ ਵੱਲੋਂ ਜਲਦੀ ਹੀ ਹਰੇਕ ਅਧਿਕਾਰੀ ਦੁਆਰਾ ਆਪਣੀਆਂ ਅਸੈਸਮੈਂਟਸ ਪੂਰੀਆਂ ਕਰਨ ਲਈ ਮਹੀਨਾਵਾਰ ਟੀਚਾ ਮਿੱਥਿਆ ਜਾਵੇਗਾ।
ਕਰ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਆਪਣੇ ਖੇਤਰ ਦੇ ਦੌਰੇ ਵਧਾਉਣ ਦੇ ਨਿਰਦੇਸ ਦਿੱਤੇ। ਉਨਾਂ ਕਿਹਾ ਕਿ ਇਹ ਇੱਕ ਪਾਸੇ ਵਿਭਾਗ ਨੂੰ ਜਮੀਨੀ ਹਕੀਕਤਾਂ ਤੋਂ ਜਾਣੂੰ ਕਰਵਾਉਣ ਅਤੇ ਦੂਜੇ ਪਾਸੇ ਟੈਕਸਾਂ ਨਾਲ ਸਬੰਧਤ ਮਾਮਲਿਆਂ ਨੂੰ ਸੁਚਾਰੂ ਬਣਾਉਣ ਵਿੱਚ ਮਦਦ ਕਰੇਗਾ। ਸ੍ਰੀ ਯਾਦਵ ਨੇ ਕਿਹਾ ਕਿ ਜਾਂਚ ਕਰਨਾ ਹਰੇਕ ਅਧਿਕਾਰੀ ਲਈ ਜਰੂਰੀ ਹੈ ਅਤੇ ਇਸ ਸਬੰਧੀ ਵਿਭਾਗ ਦੇ ਹੁਕਮਾਂ ਦੀ ਪਾਲਣਾ ਕੀਤੀ ਜਾਵੇ।
ਟੈਕਸ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਡੀਮਡ ਅਪਰੂਵਲ ਆਰ.ਸੀਜ਼ ਲਈ ਵੀ ਨਿਰੀਖਣ ਦੀ ਕਾਰਵਾਈ ਵਿੱਚ ਤੇਜ਼ੀ ਲਿਆਉਣ ਦੀ ਲੋੜ ਹੈ। ਉਨਾਂ ਕਿਹਾ ਕਿ ਵਿਭਾਗ ਵੱਲੋਂ ਫੀਲਡ ਨਿਰੀਖਣ ਕਰਨ ਵਿੱਚ ਅਧਿਕਾਰੀਆਂ ਦੀ ਕੁਤਾਹੀ ਦਾ ਸਖਤ ਨੋਟਿਸ ਲਿਆ ਜਾਵੇਗਾ। ਸ੍ਰੀ ਯਾਦਵ ਨੇ ਕਿਹਾ ਕਿ ਗਲਤੀ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਕਾਰਨ ਦੱਸੋ ਨੋਟਿਸ ਜਾਰੀ ਕਰਨ ਸਮੇਤ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ।
ਕਰ ਕਮਿਸ਼ਨਰ ਨੇ ਸਪੱਸ਼ਟ ਕਿਹਾ ਕਿ ਟੈਕਸ ਚੋਰੀ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ। ਉਨਾਂ ਕਿਹਾ ਕਿ ਟੈਕਸ ਚੋਰੀ ਕਰਨ ਨਾਲ ਸਰਕਾਰੀ ਖਜਾਨੇ ਨੂੰ ਭਾਰੀ ਨੁਕਸਾਨ ਹੁੰਦਾ ਹੈ ਜੋ ਕਿ ਕਿਸੇ ਵੀ ਤਰਾਂ ਬਰਦਾਸ਼ਤਯੋਗ ਨਹੀਂ ਹੈ ਅਤੇ ਵਿਭਾਗ ਵੱਲੋਂ ਹੁਣ ਸਾਰੇ ਟੈਕਸ ਚੋਰੀ ਕਰਨ ਵਾਲਿਆਂ ’ਤੇ ਸ਼ਿਕੰਜਾ ਕਸਿਆ ਜਾਵੇਗਾ। ਸ੍ਰੀ ਯਾਦਵ ਨੇ ਕਿਹਾ ਕਿ ਅਧਿਕਾਰੀ ਇਹ ਯਕੀਨੀ ਬਣਾਉਣ ਕਿ ਕੋਈ ਵੀ ਟੈਕਸ ਚੋਰੀ ਕਰਨ ਵਾਲਾ ਸਰਕਾਰ ਦੇ ਸ਼ਿਕੰਜੇ ਤੋਂ ਬਚ ਕੇ ਨਾ ਨਿਕਲੇ।
ਕਰ ਕਮਿਸ਼ਨਰ ਨੇ ਟੈਕਸਾਂ ਦੇ ਖੜੇ ਬਕਾਏ ਦੀ ਜਲਦੀ ਵਸੂਲੀ ਲਈ ਵੀ ਜ਼ੋਰ ਪਾਇਆ। ਉਨਾਂ ਕਿਹਾ ਕਿ ਅਧਿਕਾਰੀ ਡਿਫਾਲਟਰਾਂ ਤੋਂ ਬਕਾਏ ਦੀ ਵਸੂਲੀ ਲਈ ਵੱਡੇ ਪੱਧਰ ’ਤੇ ਰਿਕਵਰੀ ਮੁਹਿੰਮ ਸ਼ੁਰੂ ਕਰਨ। ਸ੍ਰੀ ਯਾਦਵ ਨੇ ਕਿਹਾ ਕਿ ਸੂਬੇ ਵਿੱਚ ਕਰ ਉਗਰਾਹੀ ਨੂੰ ਵਧਾਉਣ ਲਈ ਇਹ ਸਮੇਂ ਦੀ ਲੋੜ ਹੈ।
ਅਧਿਕਾਰੀਆਂ ਵੱਲੋਂ ਟੈਕਸ ਸੁਧਾਰਾਂ ਲਈ ਦਿੱਤੇ ਗਏ ਨਵੇਂ ਵਿਚਾਰਾਂ/ਸੁਝਾਵਾਂ ਦਾ ਸੁਆਗਤ ਕਰਦਿਆਂ ਕਰ ਕਮਿਸ਼ਨਰ ਨੇ ਕਿਹਾ ਕਿ ਟੈਕਸ ਸੁਧਾਰਾਂ ਲਈ ਨਵੀਆਂ ਪਹਿਲਕਦਮੀਆਂ ਕੀਤੀਆਂ ਜਾਣੀਆਂ ਚਾਹੀਦੀਆਂ ਹਨ। ਉਨਾਂ ਕਿਹਾ ਕਿ ਵਿਭਾਗ ਸੂਬਾ ਪੱਧਰ ’ਤੇ ਵੀ ਅਧਿਕਾਰੀਆਂ ਵੱਲੋਂ ਪੇਸ਼ ਕੀਤੇ ਗਏ ਨਵੇਂ ਵਿਚਾਰਾਂ ਨੂੰ ਅਪਣਾਏਗਾ। ਸ੍ਰੀ ਯਾਦਵ ਨੇ ਇਹ ਵੀ ਕਿਹਾ ਕਿ ਵਿਭਾਗ ਸੂਬੇ ਵਿੱਚ ਟੈਕਸ ਵਸੂਲੀ ਨੂੰ ਹੋਰ ਬਿਹਤਰ ਬਣਾਉਣ ਲਈ ਅਣਥੱਕ ਮਿਹਨਤ ਕਰ ਰਿਹਾ ਹੈ।
ਭਿ੍ਰਸ਼ਟਾਚਾਰ ਬਿਲਕੁਲ ਸਹਿਣ ਨਾ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਕਰ ਕਮਿਸ਼ਨਰ ਨੇ ਕਿਹਾ ਕਿ ਇਸ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਉਨਾਂ ਕਿਹਾ ਕਿ ਲੋਕਾਂ ਨੂੰ ਬਿਨਾਂ ਕਿਸੇ ਦੇਰੀ ਦੇ ਸਮਾਂਬੱਧ ਢੰਗ ਨਾਲ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ। ਸ੍ਰੀ ਯਾਦਵ ਨੇ ਇਹ ਵੀ ਕਿਹਾ ਕਿ ਵਿਭਾਗ ਟੈਕਸ ਵਸੂਲੀ ਅਤੇ ਸੇਵਾਵਾਂ ਦੇਣ ਵਿੱਚ ਇੱਕ ਨਵਾਂ ਮਾਪਦੰਡ ਸਥਾਪਤ ਕਰੇਗਾ।
ਕਰ ਕਮਿਸ਼ਨਰ ਨੇ ਸਮੂਹ ਵਪਾਰੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣਾ ਬਕਾਇਆ ਟੈਕਸ ਸਰਕਾਰ ਨੂੰ ਜਮਾਂ ਕਰਵਾਉਣ। ਉਨਾਂ ਕਿਹਾ ਕਿ ਇਸ ਟੈਕਸ ਦੀ ਵਰਤੋਂ ਢੁਕਵੇਂ ਢੰਗ ਨਾ ਸੂਬੇ ਵਿੱਚ ਵਿਕਾਸ ਕਾਰਜਾਂ ਲਈ ਕੀਤੀ ਜਾਂਦੀ ਹੈ ਜਿਸ ਕਾਰਨ ਟੈਕਸ ਅਦਾ ਕਰਨ ਵਾਲੇ ਇਸ ਵਿਕਾਸ ਦਾ ਹਿੱਸਾ ਬਣਦੇ ਹਨ। ਸ੍ਰੀ ਯਾਦਵ ਨੇ ਇਹ ਵੀ ਕਿਹਾ ਕਿ ਕਰਦਾਤਾਵਾਂ ਦੇ ਸਹਿਯੋਗ ਤੋਂ ਬਿਨਾਂ ਰਾਜ ਦੇ ਵਿਕਾਸ ਦਾ ਟੀਚਾ ਪ੍ਰਾਪਤ ਨਹੀਂ ਕੀਤਾ ਜਾ ਸਕਦਾ।
ਇਸ ਮੌਕੇ ਵਧੀਕ ਕਮਿਸ਼ਨਰ ਸ੍ਰੀਮਤੀ ਬ੍ਰਹਮਨੀਤ ਕੌਰ ਅਤੇ ਸ੍ਰੀ ਰਵਨੀਤ ਸਿੰਘ ਖੁਰਾਣਾ, ਡਿਪਟੀ ਆਬਕਾਰੀ ਤੇ ਕਰ ਕਮਿਸ਼ਨਰ ਸ੍ਰੀ ਪਰਮਜੀਤ ਸਿੰਘ ਅਤੇ ਹੋਰ ਹਾਜਰ ਸਨ।
K.K. Yadav announces massive crackdown on fake firms