CM ANNOUNCES TO SET UP JUDICIAL COMMISSION UNDER SITTING JUDGE OF HC TO PROBE KILLING OF SIDHU MOOSEWALA
ਕਿਹਾ, ਇਸ ਘਿਨਾਉਣੇ ਅਪਰਾਧ ਦੇ ਦੋਸ਼ੀ ਜਲਦ ਹੀ ਸਲਾਖਾਂ ਪਿੱਛੇ ਹੋਣਗੇ
ਚੰਡੀਗੜ੍ਹ, 30 ਮਈ (ਕੇਸਰੀ ਨਿਊਜ਼ ਨੈੱਟਵਰਕ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਧੂ ਮੂਸੇਵਾਲਾ ਵਜੋਂ ਜਾਣੇ ਜਾਂਦੇ ਪ੍ਰਸਿੱਧ ਗਾਇਕ ਸ਼ੁਭਦੀਪ ਸਿੰਘ ਸਿੱਧੂ ਦੇ ਕਤਲ ਕੇਸ ਦੀ ਜਾਂਚ ਲਈ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੌਜੂਦਾ ਜੱਜ ਦੀ ਪ੍ਰਧਾਨਗੀ ਹੇਠ ਨਿਆਇਕ ਕਮਿਸ਼ਨ ਦੇ ਗਠਨ ਦਾ ਐਲਾਨ ਕੀਤਾ ਹੈ।

ਮੁੱਖ ਮੰਤਰੀ ਨੇ ਮਾਰੇ ਗਏ ਗਾਇਕ ਦੇ ਪਿਤਾ ਬਲਕਾਰ ਸਿੰਘ ਸਿੱਧੂ ਦੀ ਬੇਨਤੀ ਨੂੰ ਪ੍ਰਵਾਨ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮਾਣਯੋਗ ਚੀਫ਼ ਜਸਟਿਸ ਨੂੰ ਇਸ ਮਾਮਲੇ ਦੀ ਮੌਜੂਦਾ ਜੱਜ ਤੋਂ ਜਾਂਚ ਕਰਵਾਉਣ ਲਈ ਬੇਨਤੀ ਕਰੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਵਰਗੀ ਕਿਸੇ ਵੀ ਕੇਂਦਰੀ ਏਜੰਸੀ ਨੂੰ ਸ਼ਾਮਲ ਕਰਨ ਸਮੇਤ ਇਸ ਜਾਂਚ ਕਮਿਸ਼ਨ ਨੂੰ ਪੂਰਾ ਸਹਿਯੋਗ ਯਕੀਨੀ ਬਣਾਏਗੀ। ਉਨ੍ਹਾਂ ਡੀਜੀਪੀ, ਪੰਜਾਬ ਪੁਲਿਸ ਨੂੰ ਇਸ ਘਟਨਾ ਬਾਰੇ ਆਪਣੀ ਕੱਲ੍ਹ ਦੀ ਪ੍ਰੈਸ ਕਾਨਫਰੰਸ ਬਾਰੇ ਸਪੱਸ਼ਟੀਕਰਨ ਜਾਰੀ ਕਰਨ ਲਈ ਵੀ ਕਿਹਾ।
ਸਿੱਧੂ ਮੂਸੇਵਾਲਾ ਦੇ ਘਿਨਾਉਣੇ ਕਤਲ ਦੀ ਨਿੰਦਾ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਕਿਹਾ ਕਿ ਸਰਕਾਰ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਡੱਕਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਪੁਲਿਸ ਨੂੰ ਇਸ ਮਾਮਲੇ ਦੀ ਫੌਰੀ ਅਤੇ ਨਤੀਜਾਮੁਖੀ ਜਾਂਚ ਕਰਨ ਲਈ ਪਹਿਲਾਂ ਹੀ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਮਰਹੂਮ ਗਾਇਕ ਦੀ ਸੁਰੱਖਿਆ ਵਿੱਚ ਕਟੌਤੀ ਦੇ ਸਾਰੇ ਪਹਿਲੂਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੇਕਰ ਕੋਈ ਕੁਤਾਹੀ ਹੋਈ ਤਾਂ ਉਸ ਦੀ ਜ਼ਿੰਮੇਵਾਰੀ ਯਕੀਨੀ ਤੌਰ ‘ਤੇ ਤੈਅ ਕੀਤੀ ਜਾਵੇਗੀ।
