ਵਧੀਕ ਡਿਪਟੀ ਕਮਿਸ਼ਨਰ ਨੇ ਨੌਜਵਾਨਾਂ ਨੂੰ ਸ਼ਹੀਦ ਦੇ ਨਕਸ਼-ਏ-ਕਦਮਾਂ ’ਤੇ ਚੱਲਣ ਲਈ ਪ੍ਰੇਰਿਆ
ਜਲੰਧਰ, 1 ਜੁਲਾਈ (ਕੇਸਰੀ ਨਿਊਜ਼ ਨੈੱਟਵਰਕ)-‘ਅਜ਼ਾਦੀ ਕਾ ਅੰਮ੍ਰਿਤ ਮਹੋਤਸਵ’ ਮੁਹਿੰਮ ਤਹਿਤ ਸ਼ਹੀਦ ਬੰਤਾ ਸਿੰਘ ਸੰਘਵਾਲ ਦੀ ਯਾਦ ਵਿੱਚ ਉਨ੍ਹਾਂ ਦੇ ਜਨਮ ਸਥਾਨ ਪਿੰਡ ਸੰਘਵਾਲ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ।
ਪਿੰਡ ਦੇ ਪ੍ਰਾਇਮਰੀ ਸਕੂਲ ਵਿਖੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ ਨੇ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਸ਼ਹੀਦ ਬੰਤਾ ਸਿੰਘ ਵੱਲੋਂ ਪਾਏ ਯੋਗਦਾਨ ’ਤੇ ਵਿਸਥਾਰ ਨਾਲ ਚਾਨਣਾ ਪਾਉਂਦਿਆਂ ਨੌਜਵਾਨ ਪੀੜ੍ਹੀ ਨੂੰ ਉਨ੍ਹਾਂ ਦੇ ਨਕਸ਼-ਏ-ਕਦਮਾਂ ’ਤੇ ਚੱਲਣ ਲਈ ਪ੍ਰੇਰਿਤ ਕੀਤਾ।
ਸ਼ਹੀਦ ਦੀ ਤਸਵੀਰ ’ਤੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁਲਕ ਨੂੰ ਗੁਲਾਮੀ ਦੀਆਂ ਜ਼ੰਜ਼ੀਰਾਂ ਤੋਂ ਆਜ਼ਾਦ ਕਰਵਾਉਣ ਲਈ ਸ਼ਹੀਦ ਬੰਤਾ ਸਿੰਘ ਨੇ ਮਹਿਜ਼ 25 ਸਾਲ ਦੀ ਉਮਰ ਵਿੱਚ ਆਪਣੀ ਜਾਨ ਦੇਸ਼ ਤੋਂ ਵਾਰ ਦਿੱਤੀ। ਉਨ੍ਹਾਂ ਕਿਹਾ ਕਿ ਸ਼ਹੀਦ ਵੱਲੋਂ ਦੇਸ਼ ਦੀ ਆਜ਼ਾਦੀ ਲਈ ਦਿੱਤੇ ਮਹਾਨ ਬਲਿਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਅਤੇ ਉਹ ਹਮੇਸ਼ਾ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਬਣੇ ਰਹਿਣਗੇ।
ਇਸ ਦੌਰਾਨ ਸ਼ਹੀਦ ਦੇ ਪਰਿਵਾਰਕ ਮੈਂਬਰਾਂ ਡਾ. ਜਸਵੀਰ ਕੌਰ ਗਿੱਲ ਅਤੇ ਡਾ. ਗੁਰਵੀਰ ਸਿੰਘ ਗਿੱਲ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ ਅਤੇ ਪਿੰਡ ਵਿੱਚ ‘ਗ੍ਰੀਨ ਅਤੇ ਕਲੀਨ ਵਿਲੇਜ’ ਮੁਹਿੰਮ ਤਹਿਤ ਬੂਟੇ ਵੀ ਲਗਾਏ ਗਏ। ਇਸ ਮੌਕੇ ਬੀ.ਡੀ.ਪੀ.ਓ. ਜਲੰਧਰ ਪੱਛਮੀ ਸੇਵਾ ਸਿੰਘ, ਜ਼ਿਲ੍ਹਾ ਮੈਨੇਜਰ ਪੀ.ਐਸ.ਡੀ.ਐਮ. ਸੂਰਜ ਕਲੇਰ, ਸਰਪੰਚ ਮਾ. ਭਾਗ ਰਾਮ ਅਤੇ ਪਿੰਡ ਵਾਸੀ ਮੌਜੂਦ ਸਨ।