ਉਨ੍ਹਾਂ ਨੇ ਇਸ ਸਬੰਧੀ ਆਪਣੇ ਫੇਸਬੁਕ ਸਫੇ ਉਤੇ ਲਿਖਿਆ – ”ਅਸੀਂ ਆਪਣੀ ਆਜ਼ਾਦੀ ਲਈ ਸਰਦਾਰ ਭਗਤ ਸਿੰਘ ਵਰਗੇ ਸ਼ਹੀਦਾਂ ਦੀਆਂ ਕੁਰਬਾਨੀਆਂ ਦੇ ਰਿਣੀ ਹਾਂ। ਉਨ੍ਹਾਂ ਨੂੰ ਅੱਤਵਾਦੀ ਕਹਿ ਕੇ ਸਿਮਰਨਜੀਤ ਸਿੰਘ ਮਾਨ ਨੇ ਅੰਗਰੇਜ਼ ਹਾਕਮਾਂ ਦੀ ਜ਼ੁਬਾਨ ਬੋਲੀ ਹੈ। ਮੈਂ ਸੰਬੰਧਤ ਅਧਿਕਾਰੀਆਂ ਨੂੰ ਬੇਨਤੀ ਕਰਦਾ ਹਾਂ ਕਿ ਮਾਨ ਦੇ ਖਿਲਾਫ ਦੇਸ਼ ਧ੍ਰੋਹ ਦਾ ਮਾਮਲਾ ਦਰਜ ਕੀਤਾ ਜਾਵੇ।
ਉਧਰ, ਆਮ ਆਦਮੀ ਪਾਰਟੀ ਨੇ ਇਸ ਬਿਆਨ ਨੂੰ ਸ਼ਰਮਨਾਕ ਦੱਸਦਿਆਂ ਸਿਮਰਨਜੀਤ ਸਿੰਘ ਮਾਨ ਤੋਂ ਬਿਨਾਂ ਸ਼ਰਤ ਮੁਆਫੀ ਮੰਗਣ ਦੀ ਮੰਗ ਕੀਤੀ ਹੈ। ‘ਆਪ’ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਹ ਮੁਆਫ਼ੀ ਨਹੀਂ ਮੰਗਦੇ ਤਾਂ ਪਾਰਟੀ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰੇਗੀ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਨੇ ਵੀ ਮਾਨ ਦੇ ਬਿਆਨ ਦੀ ਸਖ਼ਤ ਨਿਖੇਧੀ ਕੀਤੀ ਹੈ।
‘ਆਪ’ ਸਰਕਾਰ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵੀ ਐਲਾਨ ਕੀਤਾ ਹੈ ਕਿ ਸੂਬਾ ਸਰਕਾਰ ਮਹਾਨ ਨਾਇਕ ਭਗਤ ਸਿੰਘ ਨੂੰ ਸ਼ਹੀਦ ਦਾ ਦਰਜਾ ਦੇਵੇਗੀ। ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸ਼ਹੀਦ ਭਗਤ ਸਿੰਘ ਨੂੰ ਅੱਤਿਵਾਦੀ ਕਹਿਣ ’ਤੇ ਸਿਮਰਨਜੀਤ ਸਿੰਘ ਮਾਨ ਨੂੰ ਬਿਨਾਂ ਸ਼ਰਤ ਤੁਰੰਤ ਮੁਆਫ਼ੀ ਮੰਗਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਭਗਤ ਸਿੰਘ ਸਾਡੇ ਆਦਰਸ਼ ਹਨ, ਜਿਨ੍ਹਾਂ ’ਤੇ ਇਕੱਲੇ ਪੰਜਾਬ ਨੂੰ ਨਹੀਂ ਬਲਕਿ ਪੂਰੇ ਦੇਸ਼ ਨੂੰ ਮਾਣ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਧਰਮ ਨਿਰਪੱਖ ਸੋਚ ਵਾਲੀ ਪਾਰਟੀ ਹੈ। ਨਵੇਂ ਚੁਣੇ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਸ਼ਹੀਦ ਭਗਤ ਸਿੰਘ ਦਾ ਨਿਰਾਦਰ ਕੀਤਾ ਹੈ ਅਤੇ ਪੰਜਾਬ ਦੇ ਲੋਕਾਂ ਦੇ ਮਨਾਂ ਨੂੰ ਠੇਸ ਪਹੁੰਚਾਈ ਹੈ, ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਵੀ ਕੀਤੀ ਜਾ ਸਕਦੀ ਹੈ।
ਸਾਬਕਾ ਕੇਂਦਰੀ ਮੰਤਰੀ ਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਆਖਿਆ ਹੈ ਕਿ ਸਿਮਰਨਜੀਤ ਸਿੰਘ ਮਾਨ ਨੇ ਸਾਡੇ ਕੌਮੀ ਨਾਇਕ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ ਮਹਾਨ ਕੁਰਬਾਨੀ ਦਾ ਨਿਰਾਦਰ ਕੀਤਾ ਹੈ।
ਉਨ੍ਹਾਂ ਨੇ ਇਸ ਸਬੰਧੀ ਆਪਣੇ ਫੇਸਬੁਕ ਸਫੇ ਉਤੇ ਮਾਨ ਦੀ ਇਕ ਵੀਡੀਓ ਸਾਂਝੀ ਕਰਦੇ ਹੋਏ ਲਿਖਿਆ ਹੈ- ”ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਸਾਡੇ ਦੇਸ਼ ਦੇ ਅਜ਼ਾਦੀ ਸੰਘਰਸ਼ ਅਤੇ ਵਤਨਪ੍ਰਸਤੀ ਦੇ ਪ੍ਰਤੀਕ ਚਿੰਨ੍ਹ ਸਨ, ਅਤੇ ਸਦਾ ਰਹਿਣਗੇ। ਉਹਨਾਂ ਨੂੰ ਅੱਤਵਾਦੀ ਕਹਿ ਕੇ ਸਿਮਰਨਜੀਤ ਸਿੰਘ ਮਾਨ ਨੇ ਸਾਡੇ ਕੌਮੀ ਨਾਇਕ ਦੀ ਮਹਾਨ ਕੁਰਬਾਨੀ ਦਾ ਨਿਰਾਦਰ ਕੀਤਾ ਹੈ। ਉਹਨਾਂ ਨੂੰ ਆਪਣੀਆਂ ਬੇਤੁਕੀਆਂ ਟਿੱਪਣੀਆਂ ਲਈ ਮੁਆਫ਼ੀ ਮੰਗਣੀ ਚਾਹੀਦੀ ਹੈ, ਜਿਹਨਾਂ ਨਾਲ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ।
ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਸਿਮਰਨਜੀਤ ਸਿੰਘ ਮਾਨ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਟਵੀਟ ਕੀਤਾ ਕਿ ਹਰ ਸਿੱਖ, ਹਰ ਪੰਜਾਬੀ ਅਤੇ ਹਰ ਭਾਰਤੀ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ‘ਤੇ ਮਾਣ ਹੈ।