ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ‘ਮਨ ਕੀ ਬਾਤ’ ਰੇਡੀਓ ਪ੍ਰੋਗਰਾਮ ’ਚ ਕਿਹਾ ਕਿ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਿਆ ਜਾਵੇਗਾ। ਉਨ੍ਹਾਂ ਨੇ ਲੋਕਾਂ ਨੂੰ ਭਗਤ ਸਿੰਘ ਦਾ ਜਨਮ ਦਿਨ ਧੂਮਧਾਮ ਨਾਲ ਮਨਾਉਣ ਦੀ ਅਪੀਲ ਕੀਤੀ।
ਉਧਰ, ਸਿਆਸੀ ਆਗੂਆਂ ਵੱਲੋਂ ਇਸ ਦਾ ਸਿਹਰਾ ਆਪਣੇ ਸਿਰ ਲੈਣ ਲਈ ਜ਼ੋਰ-ਅਜਮਾਈ ਕੀਤੀ ਜਾ ਰਹੀ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਹੈ ਕਿ ਮੋਹਾਲੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਣ ਦੀ ਸਾਡੀ ਮੰਗ ਨੂੰ ਸਵੀਕਾਰ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੇ ਧੰਨਵਾਦੀ ਹਾਂ।
ਇਹ ਮਹਾਨ ਆਜ਼ਾਦੀ ਘੁਲਾਟੀਏ ਨੂੰ ਇੱਕ ਢੁਕਵੀਂ ਸ਼ਰਧਾਂਜਲੀ ਹੈ ਜਿਸ ਨੇ ਦੇਸ਼ ਲਈ ਆਪਣੀ ਜਾਨ ਕੁਰਬਾਨ ਕੀਤੀ ਅਤੇ ਲੱਖਾਂ ਦੇਸ਼ ਵਾਸੀਆਂ ਲਈ ਇੱਕ ਪ੍ਰੇਰਨਾ ਸਰੋਤ ਹੈ।
ਉਧਰ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਕਿ ਇਹ ਉਨ੍ਹਾਂ ਦੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ ਹੈ। ਉਨ੍ਹਾਂ ਨੇ ਇਸ ਸਬੰਧੀ ਟਵੀਟ ਕੀਤਾ ਤੇ ਲਿਖਿਆ-ਆਖ਼ਿਰਕਾਰ ਸਾਡੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ…ਚੰਡੀਗੜ੍ਹ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਜੀ ਦੇ ਨਾਮ ‘ਤੇ ਰੱਖਣ ਦੇ ਫ਼ੈਸਲੇ ਦਾ ਪੂਰੇ ਪੰਜਾਬ ਤਰਫੋਂ ਸਵਾਗਤ ਕਰਦੇ ਹਾਂ…ਪ੍ਰਧਾਨ ਮੰਤਰੀ @narendramodi ਜੀ ਦਾ ਤਹਿ ਦਿਲੋਂ ਧੰਨਵਾਦ…ਪੰਜਾਬੀਆਂ ਦੀ ਪਿਛਲੇ ਲੰਮੇ ਸਮੇਂ ਤੋਂ ਵੱਡੀ ਮੰਗ ਪੂਰੀ ਹੋਈ…