ਕਾਂਗਰਸੀ ਸੰਸਦ ਮੈਂਬਰ ਸੰਤੋਖ ਚੌਧਰੀ ਦਾ ਦੇਹਾਂਤ, ਸੀਐੱਮ ਮਾਨ ਸਮੇਤ ਇਨ੍ਹਾਂ ਸਿਆਸਤਦਾਨਾਂ ਨੇ ਪ੍ਰਗਟਾਇਆ ਦੁੱਖ
ਜਲੰਧਰ ਕੇਸਰੀ ਨਿਊਜ਼ ਨੈੱਟਵਰਕ: ਕਾਂਗਰਸ ਸੰਸਦ ਮੈਂਬਰ ਸੰਤੋਖ ਚੌਧਰੀ ਦਾ ਦੇਹਾਂਤ ਹੋ ਗਿਆ ਹੈ। ਫਿਲੌਰ ‘ਚ ਭਾਰਤ ਜੋੜੋ ਯਾਤਰਾ ਦੌਰਾਨ ਉਨ੍ਹਾਂ ਦੀ ਸਿਹਤ ਵਿਗੜੀ ਸੀ। ਸੰਤੋਖ ਚੌਧਰੀ ਦੀ ਮੌਤ ਤੋਂ ਬਾਅਦ ਭਾਰਤ ਜੋੜੋ ਯਾਤਰਾ ਨੂੰ ਰੋਕ ਦਿੱਤਾ ਗਿਆ ਹੈ।
ਰਾਹੁਲ ਗਾਂਧੀ ਚੌਧਰੀ ਸੰਤੋਖ ਸਿੰਘ ਦੀ ਫੁਟਬਾਲ ਸਥਿਤ ਰਿਹਾਇਸ਼ ਉੱਤੇ ਪੁੱਜੇ ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਜ਼ਿਕਰਯੋਗ ਹੈ ਕਿ ਉਹ ਫਿਲੌਰ ਯਾਤਰਾ ਦੌਰਾਨ ਬੇਹੋਸ਼ ਹੋ ਗਏ ਸਨ। ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਜਿਥੇ ਉਨ੍ਹਾਂ ਨੇ ਦਮ ਤੋੜ ਦਿੱਤਾ। ਉਨ੍ਹਾਂ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ ਹੈ।
ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੀ ਤਬੀਅਤ ਵਿਗੜਨ ‘ਤੇ ਉਨ੍ਹਾਂ ਨੂੰ ਫਗਵਾੜਾ ਦੇ ਵਿਰਕ ਹਸਪਤਾਲ ‘ਚ ਲਿਆਂਦਾ ਗਿਆ। ਡਾਕਟਰ ਜਸਜੀਤ ਵਿਰਕ ਅਨੁਸਾਰ ਜਦੋਂ ਉਸ ਨੂੰ ਹਸਪਤਾਲ ਲਿਆਂਦਾ ਗਿਆ ਤਾਂ ਉਨ੍ਹਾਂ ਦੀ ਮੌਤ ਹੋ ਚੁੱਕੀ ਸੀ। ਉਸ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਹਸਪਤਾਲ ਲਿਆਂਦਾ ਗਿਆ ਤਾਂ ਡਾਕਟਰਾਂ ਦੀ ਟੀਮ ਵੀ ਉਨ੍ਹਾਂ ਦੇ ਨਾਲ ਸੀ। ਉਨ੍ਹਾਂ ਨੂੰ ਹਸਪਤਾਲ ਪਹੁੰਚਾਉਂਦੇ ਸਮੇਂ ਡਾਕਟਰਾਂ ਦੀ ਟੀਮ ਨੇ ਉਨ੍ਹਾਂ ਨੂੰ ਬਚਾਉਣ ਦੀ ਪੂਰੀ ਕੋਸ਼ਿਸ਼ ਕੀਤੀ।
ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੀ ਮ੍ਰਿਤਕ ਦੇਹ ਜਲੰਧਰ ਸ਼ਹਿਰ ਦੇ ਨਿਊ ਵਿਜੇ ਨਗਰ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਲਿਆਂਦੀ ਜਾ ਰਹੀ ਹੈ। ਉਹ ਦੂਜੀ ਵਾਰ ਸੰਸਦ ਮੈਂਬਰ ਬਣੇ। ਇਸ ਤੋਂ ਪਹਿਲਾਂ ਉਹ ਫਿਲੌਰ ਵਿਧਾਨ ਸਭਾ ਸੀਟ ਦੀ ਨੁਮਾਇੰਦਗੀ ਕਰਦਿਆਂ 1992 ਤੋਂ 1997 ਤੱਕ ਕਾਂਗਰਸ ਸਰਕਾਰ ਵਿੱਚ ਰਾਜਿੰਦਰ ਕੌਰ ਭੱਠਲ ਅਤੇ ਹਰਚਰਨ ਸਿੰਘ ਬਰਾੜ ਦੀ ਕੈਬਨਿਟ ਵਿੱਚ ਮੰਤਰੀ ਵੀ ਰਹਿ ਚੁੱਕੇ ਹਨ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਦਾ ਪ੍ਰਗਟਾਵਾ ਕੀਤਾ
ਕਾਂਗਰਸੀ ਸੰਸਦ ਮੈਂਬਰ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, ”ਮੈਂ ਜਲੰਧਰ ਤੋਂ ਕਾਂਗਰਸੀ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੇ ਬੇਵਕਤੀ ਦੇਹਾਂਤ ‘ਤੇ ਡੂੰਘਾ ਦੁਖੀ ਹਾਂ। ਉਨ੍ਹਾਂਦੀ ਆਤਮਾ ਨੂੰ ਸ਼ਾਂਤੀ ਮਿਲੇ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਤਾਇਆ ਦੁੱਖ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੰਸਦ ਮੈਂਬਰ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅੱਜ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਜੀ ਦਾ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਦੇਹਾਂਤ ਹੋਣ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ। ਇਸ ਦੁੱਖ ਦੀ ਘੜੀ ਵਿੱਚ ਮੈਂ ਉਨ੍ਹਾਂ ਦੇ ਪੂਰੇ ਪਰਿਵਾਰ ਨਾਲ ਹਨ। ਵਾਹਿਗੁਰੂ ਜੀ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ। ਇਸ ਦੇ ਨਾਲ ਹੀ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਪਾਰਟੀ ਦੇ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੇ ਦੇਹਾਂਤ ‘ਤੇ ਸੋਗ ਪ੍ਰਗਟ ਕੀਤਾ ਹੈ।
ਸੁਖਦੇਵ ਸਿੰਘ ਢੀਂਡਸਾ ਨੇ ਲੋਕ ਸਭਾ ਮੈਂਬਰ ਸੰਤੋਖ ਸਿੰਘ ਚੌਧਰੀ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟ ਕੀਤਾ
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਨੇ ਜਲੰਧਰ ਤੋਂ ਮੈਂਬਰ ਪਾਰਲੀਮੈਂਟ ਸੰਤੋਖ ਸਿੰਘ ਚੌਧਰੀ ਦੇ ਅਕਾਲ ਚਲਾਣੇ ਤੇ ਪਰਿਵਾਰ ਨਾਲ ਹਮਦਰਦੀ ਦਾ ਇਜ਼ਹਾਰ ਕਰਦਿਆਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ. ਢੀਂਡਸਾ ਨੇ ਕਿਹਾ ਕਿ ਸੰਤੋਖ ਸਿੰਘ ਚੌਧਰੀ ਦੇ ਦਿਹਾਂਤ ਤੇ ਬੇਹੱਦ ਦੁੱਖ ਹੋਇਆ ਹੈ। ਸੰਤੋਖ ਸਿੰਘ ਚੌਧਰੀ ਜ਼ਮੀਨ ਨਾਲ ਜੁੜੇ ਹੋਏ ਸਿਆਸੀ ਆਗੂ ਸਨ, ਜੋ ਪਿਛਲੇ ਲੰਬੇ ਸਮੇਂ ਤੋਂ ਰਾਜਨੀਤੀ ਵਿਚ ਸਰਗਰਮ ਰਹਿੰਦਿਆਂ ਸਮਾਜ ਸੇਵਾ ਕਰ ਰਹੇ ਸਨ।
ਪ੍ਰਮਾਤਮਾ ਅੱਗੇ ਅਰਦਾਸ ਹੈ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।
ਪੰਜਾਬ ਦੇ ਰਾਜਪਾਲ ਵਲੋਂ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ
ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀਲਾਲ ਪੁਰੋਹਿਤ ਨੇ ਕਾਂਗਰਸੀ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਅੱਜ ਇੱਥੇ ਜਾਰੀ ਆਪਣੇ ਸ਼ੋਕ ਸੰਦੇਸ਼ ਵਿੱਚ ਰਾਜਪਾਲ ਨੇ ਕਿਹਾ, “ਮੈਂ ਚੌਧਰੀ ਜੀ ਦੇ ਬੇਵਕਤੀ ਦੇਹਾਂਤ ਤੋਂ ਬਹੁਤ ਦੁਖੀ ਹਾਂ। ਉਹ ਇੱਕ ਸਮਰਪਤ ਅਤੇ ਮਿਹਨਤੀ ਨੇਤਾ ਸਨ। ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਮਿਲੇ।”
ਸ੍ਰੀ ਪੁਰੋਹਿਤ ਨੇ ਦੁਖੀ ਪਰਿਵਾਰ ਨਾਲ ਦਿਲੀ ਹਮਦਰਦੀ ਪ੍ਰਗਟ ਕੀਤੀ ਅਤੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਇਸ ਨਾ ਪੂਰਿਆ ਜਾਣ ਵਾਲੇ ਘਾਟੇ ਨੂੰ ਬਰਦਾਸ਼ਤ ਕਰਨ ਦਾ ਬਲ ਬਖਸ਼ਣ।