ਅੰਮ੍ਰਿਤਸਰ, ਕੇਸਰੀ ਨਿਊਜ਼ ਨੈੱਟਵਰਕ- ਇੰਦੌਰ ਵਿਖੇ ਸਿੰਧੀ ਸਿੱਖਾਂ ਨਾਲ ਸ਼ੁਰੂ ਹੋਏ ਬੇਹੱਦ ਗੰਭੀਰ ਵਿਵਾਦ ਪ੍ਰਤੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੂਰੀ ਤਰ੍ਹਾਂ ਸੰਜੀਦਾ ਹੈ ਅਤੇ ਇਸ ਸੰਬੰਧ ਵਿਚ ਭੇਜੀ ਗਈ ਟੀਮ ਪਾਸੋਂ ਰਿਪੋਰਟ ਪ੍ਰਾਪਤ ਕਰਕੇ ਅਗਲੇ ਕਦਮ ਚੁੱਕੇ ਜਾਣਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸਿੰਧੀ ਭਾਈਚਾਰਾ ਸਿੱਖ ਪੰਥ ਦਾ ਅਹਿਮ ਅੰਗ ਹੈ।
ਭਾਈ ਗਰੇਵਾਲ ਨੇ ਸਪੱਸ਼ਟ ਕੀਤਾ ਕਿ ਕੁੱਝ ਜਥੇਬੰਦੀਆਂ ਵੱਲੋਂ ਬੀਤੇ ਦਿਨੀਂ ਇੰਦੌਰ ਵਿਚ ਸਿੰਧੀ ਸਿੱਖ ਪਰਿਵਾਰਾਂ ਦੇ ਘਰਾਂ ਅਤੇ ਸਿੰਧੀ ਸਮਾਜ ਨਾਲ ਸੰਬੰਧਤ ਗੁਰੂ ਘਰਾਂ ਵਿਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਚੁੱਕਣੇ ਹਰਗਿਜ਼ ਠੀਕ ਨਹੀਂ ਹੈ। ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੀ ਜਾਂਚ ਟੀਮ ਸਥਾਨਕ ਪੱਧਰ ’ਤੇ ਸਿੰਧੀ ਸਿੱਖਾਂ ਨੂੰ ਮਿਲੀ ਹੈ। ਇਸ ਟੀਮ ਵਲੋਂ ਸਿੰਧੀ ਸਿੱਖਾਂ ਨੂੰ ਭਰੋਸਾ ਦਿੱਤਾ ਗਿਆ ਹੈ ਕਿ ਉਨ੍ਹਾਂ ਦੀ ਸਿੱਖੀ ਪ੍ਰਤੀ ਆਸਥਾ ਨੂੰ ਸੱਟ ਨਹੀਂ ਵੱਜਣ ਦਿੱਤੀ ਜਾਵੇਗੀ ਅਤੇ ਉਨ੍ਹਾਂ ਦਾ ਸਤਿਕਾਰ ਬਹਾਲ ਰੱਖਿਆ ਜਾਵੇਗਾ। ਭਾਈ ਗਰੇਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਇਸ ਮਸਲੇ ’ਤੇ ਬੇਹੱਦ ਸੰਜੀਦਾ ਹਨ ਅਤੇ ਉਨ੍ਹਾਂ ਵਲੋਂ ਤੁਰੰਤ ਲੋੜੀਂਦੇ ਕਦਮ ਉਠਾਉਣ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ।