ਬਾਲ ਵਿਵਾਹ ਦੇ ਵਿਰੁੱਧ ਵਿਚ ਆਸਾਮ ਸਰਕਾਰ ਨੇ ਚੁਕੇ ਵੱਡੇ ਕਦਮ 2170 ਲੋਕ ਗ੍ਰਿਫ਼ਤਾਰ, 4 ਹਜ਼ਾਰ ਤੋਂ ਵੱਧ ਕੇਸ ਦਰਜ
ਕੇਸਰੀ ਨਿਊਜ਼ ਨੈੱਟਵਰਕ : ਆਸਾਮ ਵਿੱਚ ਬਾਲ ਵਿਆਹ ਨਾਲ ਸਬੰਧਤ ਮਾਮਲਿਆਂ ਵਿੱਚ ਪੁਲੀਸ ਦੀ ਕਾਰਵਾਈ ਜਾਰੀ ਹੈ। ਆਸਾਮ ਪੁਲਸ ਨੇ ਸ਼ਨੀਵਾਰ ਸਵੇਰ ਤੱਕ ਬਾਲ ਵਿਆਹ ਨਾਲ ਜੁੜੇ ਮਾਮਲਿਆਂ ‘ਚ ਸ਼ਾਮਲ 2 ਹਜ਼ਾਰ 170 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਆਈਜੀਪੀ ਲਾਅ ਐਂਡ ਆਰਡਰ ਪ੍ਰਸ਼ਾਂਤ ਕੁਮਾਰ ਭੂਈਆਂ ਨੇ ਦੱਸਿਆ ਕਿ ਬਾਲ ਵਿਆਹ ਨਾਲ ਸਬੰਧਤ ਮਾਮਲਿਆਂ ਵਿੱਚ ਸ਼ਾਮਲ 2,170 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਮੁਤਾਬਕ ਗ੍ਰਿਫਤਾਰ ਕੀਤੇ ਗਏ ਲੋਕਾਂ ਦੀ ਗਿਣਤੀ ਹੋਰ ਵਧੇਗੀ।
ਸ਼ੁੱਕਰਵਾਰ ਨੂੰ 1,800 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ
ਇਸ ਤੋਂ ਪਹਿਲਾਂ ਅਸਾਮ ਦੇ ਸੀਐਮ ਹਿਮਾਂਤਾ ਬਿਸਵਾ ਸਰਮਾ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਸੀ ਕਿ ਅਸਮ ਵਿੱਚ ਬਾਲ ਵਿਆਹ ਦੇ ਖਿਲਾਫ ਵੱਡੇ ਪੱਧਰ ‘ਤੇ ਕਾਰਵਾਈ ਕੀਤੀ ਜਾ ਰਹੀ ਹੈ। ਉਸਨੇ ਕਿਹਾ ਕਿ ਪੁਲਿਸ ਨੇ ਸ਼ੁੱਕਰਵਾਰ ਨੂੰ ਰਾਜ ਭਰ ਵਿੱਚ ਘੱਟੋ ਘੱਟ 1,800 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਸੀਐਮ ਹਿਮੰਤ ਬਿਸਵਾ ਸਰਮਾ ਨੇ ਕਿਹਾ ਕਿ ਰਾਜ ਭਰ ਵਿੱਚ ਸ਼ੁੱਕਰਵਾਰ ਸਵੇਰੇ ਤੜਕੇ ਕਾਰਵਾਈ ਸ਼ੁਰੂ ਹੋਈ ਅਤੇ ਇਹ ਤਿੰਨ-ਚਾਰ ਦਿਨਾਂ ਤੱਕ ਜਾਰੀ ਰਹੇਗੀ।
ਬਾਲ ਵਿਆਹ ਦੇ 4 ਹਜ਼ਾਰ ਤੋਂ ਵੱਧ ਕੇਸ ਦਰਜ
ਜ਼ਿਕਰਯੋਗ ਹੈ ਕਿ 23 ਜਨਵਰੀ ਨੂੰ ਰਾਜ ਮੰਤਰੀ ਮੰਡਲ ਨੇ ਬਾਲ ਵਿਆਹ ਨਾਲ ਸਬੰਧਤ ਮਾਮਲਿਆਂ ਵਿੱਚ ਕਾਰਵਾਈ ਕਰਨ ਦਾ ਫੈਸਲਾ ਕੀਤਾ ਸੀ। ਉਦੋਂ ਤੋਂ ਲੈ ਕੇ ਹੁਣ ਤੱਕ ਪਿਛਲੇ 10 ਦਿਨਾਂ ਵਿੱਚ ਪੁਲੀਸ ਨੇ ਬਾਲ ਵਿਆਹ ਦੀਆਂ 4004 ਘਟਨਾਵਾਂ ਦਰਜ ਕੀਤੀਆਂ ਹਨ। ਇਸ ਸਬੰਧ ਵਿਚ ਕਈ ਲੋਕਾਂ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਹੈ। ਪੁਲਿਸ ਸੂਤਰਾਂ ਨੇ ਦੱਸਿਆ ਕਿ ਹਰ ਜ਼ਿਲ੍ਹੇ ਦੇ ਅੰਕੜਿਆਂ ਦਾ ਅਧਿਐਨ ਕਰਨ ਤੋਂ ਬਾਅਦ ਹੀ ਗ੍ਰਿਫਤਾਰੀਆਂ ਦੀ ਅਸਲ ਗਿਣਤੀ ਦਾ ਪਤਾ ਲੱਗ ਸਕਦਾ ਹੈ।
ਸੀਐੱਮ ਸਰਮਾ ਦੇ ਹੁਕਮਾਂ ਤੋਂ ਬਾਅਦ ਸ਼ੁਰੂ ਹੋਈ ਕਾਰਵਾਈ
ਇਸ ਤੋਂ ਪਹਿਲਾਂ, ਆਈਜੀਪੀ ਕਾਨੂੰਨ ਅਤੇ ਵਿਵਸਥਾ ਪ੍ਰਸ਼ਾਂਤ ਕੁਮਾਰ ਭੂਈਆਂ ਨੇ ਕਿਹਾ ਸੀ ਕਿ ਸ਼ੁੱਕਰਵਾਰ ਸਵੇਰ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 1,793 ਸੀ। ਧੂਬਰੀ ਵਿੱਚ 370 ਸ਼ਿਕਾਇਤਾਂ ਦਰਜ ਹੋਈਆਂ ਹਨ ਅਤੇ ਸਭ ਤੋਂ ਵੱਧ 136 ਗ੍ਰਿਫ਼ਤਾਰੀਆਂ ਹੋਈਆਂ ਹਨ। ਇਸ ਤੋਂ ਇਲਾਵਾ ਬਾਰਪੇਟਾ ‘ਚ 110 ਅਤੇ ਨਗਾਓਂ ‘ਚ 100 ਗ੍ਰਿਫਤਾਰੀਆਂ ਹੋਈਆਂ ਹਨ। ਜਦੋਂ ਕਿ ਸੀਐਮ ਸਰਮਾ ਨੇ ਪਹਿਲਾਂ ਕਿਹਾ ਸੀ ਕਿ ਅਜਿਹੇ ਵਿਆਹਾਂ ਦੇ ਪ੍ਰਬੰਧਨ ਵਿੱਚ ਹਿੱਸਾ ਲੈਣ ਵਾਲੇ ਪੰਡਤਾਂ, ਕਾਜ਼ੀਆਂ ਅਤੇ ਪਰਿਵਾਰਕ ਮੈਂਬਰਾਂ ‘ਤੇ ਵੀ ਕੇਸ ਦਰਜ ਕੀਤਾ ਜਾਵੇਗਾ।