ਜਲੰਧਰ, (ਕੇਸਰੀ ਨਿਊਜ਼ ਨੈੱਟਵਰਕ) : ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਅੱਜ ਵਰਚੂਅਲ ਸਮੀਖਿਆ ਮੀਟਿੰਗ ਦੌਰਾਨ ਭਾਰਤ ਸਰਕਾਰ ਦੇ ਅਧਿਕਾਰੀਆਂ ਸਾਹਮਣੇ ਆਦਮਪੁਰ ਫਲਾਈਓਵਰ ਦੇ ਕੰਮ ’ਚ ਤੇਜ਼ੀ ਲਿਆਉਣ ਦਾ ਮੁੱਦਾ ਚੁੱਕਿਆ, ਜਿਸ ਦੇ ਮੁਕੰਮਲ ਹੋਣ ਨਾਲ ਜ਼ਿਲ੍ਹਾ ਵਾਸੀਆਂ ਤੋਂ ਇਲਾਵਾ ਨਾਲ ਲੱਗਦੇ ਸੂਬਿਆਂ ਦੇ ਲੋਕਾਂ ਨੂੰ ਵੀ ਵੱਡੀ ਸਹੂਲਤ ਮਿਲੇਗੀ।
ਪ੍ਰਗਤੀ/ਪੀ.ਐਮ.ਜੀ. ਪ੍ਰਾਜੈਕਟਾਂ ਦੀ ਤਾਜ਼ਾ ਸਥਿਤੀ ਦਾ ਜਾਇਜ਼ਾ ਲੈਣ ਲਈ ਸਕੱਤਰ (ਤਾਲਮੇਲ) ਭਾਰਤ ਸਰਕਾਰ ਪੀ.ਕੇ. ਤ੍ਰਿਪਾਠੀ ਦੀ ਪ੍ਰਧਾਨਗੀ ਹੇਠ ਵੀਡੀਓ ਕਾਨਫਰੰਸ ਰਾਹੀਂ ਹੋਈ ਮੀਟਿੰਗ ਵਿੱਚ ਹਿੱਸਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਆਦਮਪੁਰ ਫਲਾਈਓਵਰ ਦੇ ਕੰਮ ਦੀ ਰਫ਼ਤਾਰ ਵਿੱਚ ਤੇਜ਼ੀ ਲਿਆਉਣ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਇਸ ਪ੍ਰਾਜੈਕਟ ਦੇ ਸਮੇਂ ਸਿਰ ਮੁਕੰਮਲ ਹੋਣ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਨਾ ਸਿਰਫ਼ ਜਲੰਧਰ ਦੇ ਯਾਤਰੀਆਂ ਸਗੋਂ ਹਿਮਾਚਲ ਪ੍ਰਦੇਸ਼ ਅਤੇ ਨਾਲ ਲੱਗਦੇ ਹੋਰਨਾਂ ਰਾਜਾਂ ਦੇ ਲੋਕਾਂ ਨੂੰ ਵੀ ਸਹੂਲਤ ਪ੍ਰਦਾਨ ਕਰੇਗਾ।
ਜਲੰਧਰ-ਹੁਸ਼ਿਆਰਪੁਰ ਐਨ.ਐਚ.-70, ਜਿਸ ਦਾ ਨਵਾਂ ਨਾਮ ਐਨ.ਐਚ-03 ਹੈ, ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਪ੍ਰਾਜੈਕਟ ਦਾ 13.80 ਕਿਲੋਮੀਟਰ ਏਰੀਆ ਜਲੰਧਰ ਵਿੱਚ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਇਸ ਪ੍ਰਾਜੈਕਟ ਲਈ ਲਗਭਗ ਸੌ ਫੀਸਦੀ ਜ਼ਮੀਨ ਐਕਵਾਇਰ ਕਰਨ ਦਾ ਕੰਮ ਨੇਪਰੇ ਚਾੜ੍ਹਿਆ ਜਾ ਚੁੱਕਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਆਦਮਪੁਰ ਫਲਾਈਓਵਰ ਦੇ ਡਿਜ਼ਾਇਨ ਵਿੱਚ ਤਬਦੀਲੀ ਕਾਰਨ ਸਿਰਫ਼ 1.10 ਕਿਲੋਮੀਟਰ ਜ਼ਮੀਨ ਅਕਵਾਇਰ ਕਰਨ ਦਾ ਕੰਮ ਬਕਾਇਆ ਹੈ, ਜਿਸ ਸਬੰਧੀ ਵੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਗਈ ਹੈ ਅਤੇ ਜਲਦ ਹੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਸਬੰਧੀ ਐਵਾਰਡ ਪਾਸ ਕੀਤੇ ਜਾ ਰਹੇ ਹਨ। ਇਸ ਮੌਕੇ ਐਸ.ਡੀ.ਐਮ. ਜਲੰਧਰ –1 ਜੈ ਇੰਦਰ ਸਿੰਘ ਵੀ ਮੌਜੂਦ ਸਨ।