ਜਲੰਧਰ, (ਕੇਸਰੀ ਨਿਊਜ਼ ਨੈੱਟਵਰਕ) : ਆਮ ਆਦਮੀ ਪਾਰਟੀ ਆਪਣੀਆਂ ਲੋਕ-ਹਿੱਤ ਨੀਤੀਆਂ ਅਤੇ ਲੋਕ ਭਲਾਈ ਦੇ ਕੰਮਾਂ ਕਾਰਨ ਜਲੰਧਰ ਵਿੱਚ ਦਿਨੋਂ-ਦਿਨ ਮਜ਼ਬੂਤ ਹੁੰਦੀ ਜਾ ਰਹੀ ਹੈ। ਹੁਣ ਪੈਨਸ਼ਨਰਜ਼ ਵੈਲਫੇਅਰ ਫੈਡਰੇਸ਼ਨ, (ਪੰਜਾਬ) ਪੀਐੱਸਪੀਸੀਐੱਲ/ਪੀਐੱਸਟੀਸੀਐੱਲ ਨੇ ਸੋਮਵਾਰ ਨੂੰ ਆਗਾਮੀ ਜਲੰਧਰ ਜ਼ਿਮਨੀ ਚੋਣ ਲਈ “ਆਪ” ਨੂੰ ਸਮਰਥਨ ਦੇ ਦਿੱਤਾ ਹੈ।
ਪੈਨਸ਼ਨਰਜ਼ ਵੈਲਫੇਅਰ ਫੈਡਰੇਸ਼ਨ (ਸਰਕਲ ਜਲੰਧਰ) ਦੇ ਇੱਕ ਸਮਾਗਮ ਵਿੱਚ ਫੈਡਰੇਸ਼ਨ ਦੇ ਜਰਨਲ ਸਕੱਤਰ ਲਖਬੀਰ ਸਿੰਘ ਨੇ ‘ਆਪ’ ਪੰਜਾਬ ਦੇ ਜਨਰਲ ਸਕੱਤਰ ਅਤੇ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੂੰ ਮੰਗ ਪੱਤਰ ਸੌਂਪਦਿਆਂ ਕਿਹਾ ਕਿ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ‘ਆਪ’ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕਰੇਗੀ। ਇਹ ਮੰਗਾਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਹਨ ਅਤੇ ਇਨ੍ਹਾਂ ਨੂੰ ਪਿਛਲੀਆਂ ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਲਗਾਤਾਰ ਅਣਗੌਲਿਆ ਕੀਤਾ ਸੀ। ਫੈਡਰੇਸ਼ਨ ਦੇ ਮੈਂਬਰਾਂ ਨੇ ਜਲੰਧਰ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਲਈ ਘਰ-ਘਰ ਜਾ ਕੇ ਚੋਣ ਪ੍ਰਚਾਰ ਕਰਨ ਦਾ ਫੈਸਲਾ ਕੀਤਾ ਅਤੇ ਕਿਹਾ ਕਿ ਸਿਰਫ਼ ‘ਆਪ’ ਹੀ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਹੱਲ ਕਰਨ ਵਿੱਚ ਦਿਲਚਸਪੀ ਰੱਖਦੀ ਹੈ।
ਇਸ ਮੌਕੇ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਮਾਨਯੋਗ ਸਰਕਾਰ ਸੂਬੇ ਦੇ ਹਰ ਵਰਗ ਦੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਲੋਕ ਭਲਾਈ ਦੇ ਕਦਮ ਚੁੱਕ ਰਹੀ ਹੈ। ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋਣ ਕਾਰਨ ਲੋਕ ਖੁਦ ਹੀ “ਆਪ” ਦਾ ਸਮਰਥਨ ਕਰਨ ਲਈ ਅੱਗੇ ਆ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇਸ ਜ਼ਿਮਨੀ ਚੋਣ ਵਿੱਚ ‘ਆਪ ਵੱਡੀ ਜਿੱਤ ਹਾਸਲ ਕਰੇਗੀ ਕਿਉਂਕਿ ਲੋਕ ਸੰਸਦ ਵਿੱਚ ਇਮਾਨਦਾਰ ਨੁਮਾਇੰਦਾ ਭੇਜਣਾ ਚਾਹੁੰਦੇ ਹਨ ਜੋ ਸਿਰਫ਼ ‘ਆਪ’ ਹੀ ਦੇ ਸਕਦੀ ਹੈ।