ਜਲੰਧਰ, (ਕੇਸਰੀ ਨਿਊਜ਼ ਨੈੱਟਵਰਕ) – ਪੰਜਾਬ ਵਿੱਚ ਕਾਂਗਰਸ ਨੂੰ ਇੱਕ ਹੋਰ ਝਟਕਾ ਦਿੰਦੇ ਹੋਏ ਕਰਤਾਰਪੁਰ ਤੋਂ ਸਾਬਕਾ ਕਾਂਗਰਸੀ ਵਿਧਾਇਕ ਸੁਰਿੰਦਰ ਚੌਧਰੀ ਸੋਮਵਾਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਤੋਂ ਪਹਿਲਾਂ ਜਲੰਧਰ ਤੋਂ ਸਾਬਕਾ ਕਾਂਗਰਸੀ ਵਿਧਾਇਕ ਸੁਸ਼ੀਲ ਰਿੰਕੂ ਵੀ ‘ਆਪ’ ਵਿੱਚ ਸ਼ਾਮਲ ਹੋ ਗਏ ਸਨ ਅਤੇ ਉਹ ਜਲੰਧਰ ਲੋਕ ਸਭਾ ਜ਼ਿਮਨੀ ਚੋਣਾਂ ਵਿੱਚ ‘ਆਪ’ ਦੇ ਉਮੀਦਵਾਰ ਹਨ। ਸੁਰਿੰਦਰ ਚੌਧਰੀ ਸਵ. ਸੰਤੋਖ ਸਿੰਘ ਚੌਧਰੀ ਦੇ ਭਤੀਜੇ ਹਨ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਹਲਕਾ ਕਰਤਾਰਪੁਰ ਵਿੱਚ ਇੱਕ ਚੋਣ ਰੈਲੀ ਦੌਰਾਨ ਚੌਧਰੀ ਸੁਰਿੰਦਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਪਾਰਟੀ ਵਿੱਚ ਰਸਮੀ ਸਵਾਗਤ ਕੀਤਾ।
ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਸਾਡੇ ਵਿਚਕਾਰ ਇੱਕ ਅਜਿਹੀ ਸ਼ਖਸੀਅਤ ਹੈ ਜੋ ਪੀੜ੍ਹੀ ਦਰ ਪੀੜ੍ਹੀ ਸਮਾਜ ਅਤੇ ਰਾਜਨੀਤੀ ਦੀ ਸੇਵਾ ਕਰ ਰਹੀ ਹੈ। ਸੁਰਿੰਦਰ ਚੌਧਰੀ ਇੱਕ ਸੱਚੇ ਵਲੰਟੀਅਰ ਵਜੋਂ ਸਾਡੇ ਨਾਲ ਜੁੜਿਆ ਹੈ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਕਰੋੜਾਂ ਲੋਕਾਂ ਦੀ ਪਾਰਟੀ ਹੈ ਅਤੇ ਇਸ ਪਾਰਟੀ ਵਿੱਚ ਦੇਸ਼ ਦੇ ਹੋਰ ਕਰੋੜਾਂ ਲੋਕਾਂ ਨੇ ਆਉਣਾ ਹੈ ਅਤੇ ਪਾਰਟੀ ਨੂੰ ਦੂਜੇ ਰਾਜਾਂ ਵਿੱਚ ਵੀ ਫੈਲਣਾ ਹੈ। ਉਨ੍ਹਾਂ ਕਿਹਾ ਕਿ ਫਿਲਹਾਲ ਤਾਂ ਦੋ ਰਾਜਾਂ ਵਿੱਚ ਆਪ ਦੀ ਸਰਕਾਰ ਹੈ। ਅਜੇ 130 ਕਰੋੜ ਲੋਕਂ ਤੱਕ ਤਾਂ ਪਾਰਟੀ ਨੇ ਜਾਣਾ ਹੈ।
ਇਸ ਦੇ ਨਾਲ ਹੀ ਸੁਰਿੰਦਰ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਦਾ ਭਵਿੱਖ ਸਿਰਫ਼ ਭਗਵੰਤ ਮਾਨ ਦੇ ਹੱਥਾਂ ਵਿੱਚ ਹੀ ਸੁਰੱਖਿਅਤ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਹਨ, ਜਿਸ ਕਾਰਨ ਪੰਜਾਬ ਦੇ ਲੋਕ ਬਹੁਤ ਪ੍ਰਭਾਵਿਤ ਹਨ।