ਕੇਸਰੀ ਨਿਊਜ਼ ਨੈੱਟਵਰਕ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੰਤ੍ਰਿਮ ਬੋਰਡ ਦੀ ਐਮਰਜੈਂਸੀ ਮੀਟਿੰਗ ਵਿੱਚ ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਹੁਣ ਗਿਆਨੀ ਹਰਪ੍ਰੀਤ ਸਿੰਘ ਦੀ ਥਾਂ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਜਥੇਦਾਰ ਨਿਯੁਕਤੀ ਕੀਤਾ ਗਿਆ ਹੈ।
ਸ੍ਰੀ ਅਕਾਲ ਤਖ਼ਤ ਦੇ ਨਵੇਂ ਜਥੇਦਾਰ ਬਣਨ ਤੋਂ ਬਾਅਦ ਰਘਬੀਰ ਸਿੰਘ ਨੇ ਕਿਹਾ ਕਿ, “ਜੋ ਵਿਸ਼ਵਾਸ ਪੰਥ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਜਤਾਇਆ ਗਿਆ ਉਸ ਨੂੰ ਪੂਰੀ ਤਰ੍ਹਾਂ ਨਿਭਾਉਣਗੇ। ਉਨ੍ਹਾਂ ਨੇ ਕਿਹਾ ਗਿਆਨੀ ਹਰਪ੍ਰੀਤ ਸਿੰਘ ਨੇ ਮੇਰੇ ਨਾਲ ਕਦੇ ਵੀ ਇਸ ਬਾਰੇ ਗੱਲ ਨਹੀਂ ਕੀਤੀ ਸੀ ਕਿ ਉਹ ਸ੍ਰੀ ਅਕਾਲ ਤਖ਼ਤ ਦੇ ਅਹੁਦੇ ਤੋਂ ਹਟਣਾ ਚਾਹੁੰਦੇ ਹਨ, ਹਾਲਾਂਕਿ ਉਨ੍ਹਾਂ ਨੇ ਇਹ ਜ਼ਰੂਰ ਕਿਹਾ ਇਹ ਮੰਗ ਲੰਮੇ ਸਮੇਂ ਤੋਂ ਉੱਠ ਰਹੀ ਸੀ ਕਿ ਸ੍ਰੀ ਅਕਾਲ ਤਖ਼ਤ ਦਾ ਜਥੇਦਾਰ ਪਰਮਾਨੈਂਟ ਨਿਯੁਕਤ ਕੀਤੀ ਜਾਵੇ। ਸ਼੍ਰੋਮਣੀ ਕਮੇਟੀ ਨੇ ਇਹ ਚੰਗਾ ਫ਼ੈਸਲਾ ਲਿਆ ਹੈ ।
ਇਸਦੇ ਨਾਲ ਹੀ ਗਿਆਨੀ ਰਘਬੀਰ ਸਿੰਘ ਨੇ ਗਿਆਨੀ ਹਰਪ੍ਰੀਤ ਸਿੰਘ ਦੀ ਤਾਰੀਫ਼ ਕਰਦੇ ਹੋਏ ਕਿਹਾ ਕਿ, “ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਚੰਗੇ ਫ਼ੈਸਲੇ ਲਏ ਹਨ । ਉਨ੍ਹਾਂ ਨੂੰ ਜਦੋਂ ਪੁੱਛਿਆ ਗਿਆ ਕਿ ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਏਕਤਾ ਦੀ ਜਿਹੜੀ ਪੇਸ਼ਕਸ਼ ਰੱਖੀ ਹੈ ਉਸ ‘ਤੇ ਤੁਸੀਂ ਕੀ ਕਹੋਗੇ ਤਾਂ ਉਨ੍ਹਾਂ ਨੇ ਕਿਹਾ ਅਸੀਂ ਸੁਆਗਤ ਕਰਦੇ ਹਾਂ।”