ਕੇਸਰੀ ਨਿਊਜ਼ ਨੈੱਟਵਰਕ- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (H.S.G.M.C.) ਦੇ ਪ੍ਰਧਾਨ ਮਹੰਤ ਕਰਮਜੀਤ ਸਿੰਘ ਤੇ ਜਨਰਲ ਸਕੱਤਰ ਗੁਰਿੰਦਰ ਸਿੰਘ ਧਮੀਜਾ ਨੇ ਆਪਣਏ ਅਹੁਦਿਆਂ ਤੋਂ ਅਸਤੀਫਾ ਦਿੱਤਾ ਹੈ। ਬੀਤੀ 14 ਅਗਸਤ ਨੂੰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿਮ ਕਮੇਟੀ ਵਿਚ ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਵੱਲੋਂ ਕੀਤੇ ਗਏ ਇਤਰਾਜ਼ ਤੇ ਆਪਸੀ ਵਿਵਾਦ ਤੋਂ ਬਾਅਦ ਇਹ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪਹੁੰਚਣ ਤੇ ਸਿੱਖ ਸਿਆਸਤ ਵਿੱਚ ਅਹਿਮ ਸੁਰਖੀਆਂ ਵਿਚ ਚਲ ਰਿਹਾ ਹੈ।
ਦੱਸ ਦੇਈਏ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵਿੱਚ ਹੋਈ ਆਪਸੀ ਤਕਰਾਰ ਦਾ ਮਾਮਲਾ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਚੱਲ ਰਿਹਾ ਹੈ ਜਿਸ ਦੌਰਾਨ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਇਸ ਮਾਮਲੇ ਸਬੰਧੀ ਪੰਜ ਮੈਂਬਰੀ ਕਮੇਟੀ ਦਾ ਗਠਨ ਵੀ ਕੀਤਾ ਹੋਇਆ ਹੈ ਜਿਸਦੀ ਰਿਪੋਰਟ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਹਾਲੇ ਵਿਚਾਰੀ ਜਾਣੀ ਸੀ। ਸਿੰਘ ਸਾਹਿਬ ਵਲੋਂ ਲਏ ਜਾਣ ਵਾਲੇ ਆਖਰੀ ਫੈਸਲੇ ਤੋਂ ਪਹਿਲਾਂ ਹੀ ਮੌਜੂਦਾ ਅਹੁਦੇਦਾਰਾਂ ਨੇ ਅਸਤੀਫੇ ਦੇ ਕੇ ਅਗਲੀ ਚੋਣ ਲਈ ਰਸਤਾ ਸਾਫ਼ ਕਰ ਦਿੱਤਾ ਹੈ।