ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ- ਜ਼ਿਲਾ ਫਤਹਿਗੜ ਸਾਹਿਬ ਅਧੀਨ ਪੈਂਦੀ ਦੇਸ਼ ਭਗਤ ਯੂਨੀਵਰਸਿਟੀ (DBU) ਵਿੱਚ ਨਰਸਿੰਗ ਵਿਦਿਆਰਥਣਾਂ ਨੂੰ ਮਾਨਤਾ ਪ੍ਰਾਪਤ ਡਿਗਰੀ ਨਾ ਦੇਣ ਦਾ ਮਾਮਲੇ ਨੂੰ ਲੈ ਕੇ ਚੱਲ ਰਹੇ ਵਿਵਾਦ ਦੌਰਾਨ ਵਿਦਿਆਰਥੀਆਂ ਦੀ ਸ਼ਿਕਾਇਤ ‘ਤੇ ਯੂਨੀਵਰਸਿਟੀ ਦੇ ਚਾਂਸਲਰ ਸਮੇਤ 12 ਫੈਕਲਟੀ ਮੈਂਬਰਾਂ ਅਤੇ 4 ਅਣਪਛਾਤੇ ਵਿਅਕਤੀਆਂ ਖਿਲਾਫ 16 ਸਤੰਬਰ ਨੂੰ ਮਾਮਲਾ ਦਰਜ ਕੀਤਾ ਗਿਆ ਹੈ।
ਫਤਿਹਗੜ੍ਹ ਸਾਹਿਬ ਦੇ ਡੀ.ਐੱਸ.ਪੀ.ਗੁਰਵੰਤ ਸਿੰਘ ਬੈਂਸ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਦੋਸ਼ ਲਾਇਆ ਜਾ ਰਿਹਾ ਸੀ ਕਿ ਉਨ੍ਹਾਂ ਦਾ ਨਰਸਿੰਗ ਕੋਰਸ ਪੂਰਾ ਕਰਨ ਤੋਂ ਬਾਅਦ ਵੀ ਉਨ੍ਹਾਂ ਨੂੰ ਕਿਸੇ ਵੀ ਮਾਨਤਾ ਪ੍ਰਾਪਤ ਵਿੱਦਿਅਕ ਸੰਸਥਾ ਤੋਂ ਡਿਗਰੀ ਨਹੀਂ ਦਿੱਤੀ ਜਾ ਰਹੀ। ਇਸ ਮੁੱਦੇ ਨੂੰ ਲੈ ਕੇ ਵਿਦਿਆਰਥੀ ਪਿਛਲੇ ਕਈ ਦਿਨਾਂ ਤੋਂ ਰੋਸ ਯੂਨੀਵਰਸਿਟੀ ਦੇ ਸਾਹਮਣੇ ਪ੍ਰਦਰਸ਼ਨ ਕਰ ਰਹੇ ਹਨ। 14 ਸਤੰਬਰ ਨੂੰ ਵਿਦਿਆਰਥੀਆਂ ਅਤੇ ਫੈਕਲਟੀ ਵਿਚਾਲੇ ਕਾਫੀ ਝਗੜਾ ਵੀ ਹੋਇਆ ਅਤੇ ਪੁਲਿਸ ਨਾਲ ਝੜਪ ਵੀ ਹੋਈ । ਇਸ ਦੌਰਾਨ ਪੁਲਿਸ ਦੀਆਂ ਗੱਡੀਆਂ ਦੀ ਭੰਨ-ਤੋੜ ਕੀਤੀ ਗਈ ਸੀ। ਪੁਲਿਸ ਮੁਲਾਜ਼ਮਾਂ ਸਮੇਤ ਕੁਝ ਵਿਦਿਆਰਥੀ ਜ਼ਖ਼ਮੀ ਵੀ ਹੋਏ ਸਨ।
ਅੱਜ ਵਿਦਿਆਰਥੀਆਂ ਦੀ ਸ਼ਿਕਾਇਤ ’ਤੇ ਥਾਣਾ ਅਮਲੋਹ ਦੀ ਪੁਲਿਸ ਨੇ ਯੂਨੀਵਰਸਿਟੀ ਦੇ ਚਾਂਸਲਰ ਜ਼ੋਰਾ ਸਿੰਘ, ਤੇਜਧਾਰ ਕੌਰ, ਅਰਸ਼ਦੀਪ ਸਿੰਘ, ਫੈਕਲਟੀ ਮੈਂਬਰ ਐੱਚਕੇ ਸਿੱਧੂ, ਸੁਰੱਖਿਆ ਇੰਚਾਰਜ ਦਰਸ਼ਨ ਸਿੰਘ, ਸੋਨੂੰ ਵਾਲਦਰ, ਕੁਲਦੀਪ ਸਿੰਘ, ਹਰਵਿੰਦਰ ਸਿੰਘ, ਸੰਦੀਪ ਸਿੰਘ, ਕੁਲਦੀਪ ਸਿੰਘ, ਸੰਦੀਪ ਸਿੰਘ ਨੂੰ ਲਵ ਸੰਪੂਰਨ ਤੇ ਖੁਸ਼ਬੂ ਤੋਂ ਇਲਾਵਾ ਚਾਰ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਵਿਦਿਆਰਥੀਆਂ ਦਾ ਦੋਸ਼ ਹੈ ਕਿ ਜਦੋਂ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਸਨ ਤਾਂ ਯੂਨੀਵਰਸਿਟੀ ਦੇ ਅਧਿਕਾਰੀਆਂ ਅਤੇ ਬਾਊਂਸਰਾਂ ਸਮੇਤ 30-35 ਅਣਪਛਾਤੇ ਵਿਅਕਤੀਆਂ ਨੇ ਆ ਕੇ ਉਨ੍ਹਾਂ ਨੂੰ ਧਮਕੀਆਂ ਦਿੱਤੀਆਂ ਅਤੇ ਉਨ੍ਹਾਂ ‘ਤੇ ਹਮਲਾ ਕਰ ਕੇ ਉਨ੍ਹਾਂ ਦੀ ਕੁੱਟਮਾਰ ਕੀਤੀ, ਅਜਿਹੇ ‘ਚ ਕਈ ਵਿਦਿਆਰਥੀਆਂ ਦੇ ਸੱਟਾਂ ਵੀ ਲੱਗੀਆਂ ਹਨ।
You Might Also Like