ਨਿੱਝਰ ਦੇ ਕਤਲ ‘ਤੇ ਟਰੂਡੋ
ਦੱਸ ਦੇਈਏ ਕਿ ਮੰਗਲਵਾਰ ਸਵੇਰੇ ਹਰਦੀਪ ਸਿੰਘ ਨਿੱਜਰ ਦੇ ਕਤਲ ਨੂੰ ਲੈ ਕੇ ਕੈਨੇਡੀਅਨ ਪੀਐੱਮ ਨੇ ਕਿਹਾ ਕਿ ਸੁਰੱਖਿਆ ਏਜੰਸੀਆਂ ਇਸ ਗੱਲ ਦੀ ਜਾਂਚ ਕਰ ਰਹੀਆਂ ਹਨ ਕਿ ਨਿੱਜਰ ਦੇ ਕਤਲ ਵਿੱਚ ਭਾਰਤ ਸਰਕਾਰ ਦੇ ਅਧਿਕਾਰੀ ਸ਼ਾਮਲ ਹਨ ਜਾਂ ਨਹੀਂ। ਇਸ ਦੇ ਨਾਲ ਹੀ ਕੈਨੇਡਾ ਨੇ ਭਾਰਤੀ ਡਿਪਲੋਮੈਟ ਨੂੰ ਵੀ ਕੱਢ ਦਿੱਤਾ ਹੈ।
ਭਾਰਤ ਦਾ ਕੈਨੇਡਾ ਨੂੰ ਮੂੰਹਤੋੜ ਜਵਾਬ
ਕੈਨੇਡਾ ਦੇ ਇਸ ਕਦਮ ‘ਤੇ ਭਾਰਤ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਜਿਸ ਤੋਂ ਸਪੱਸ਼ਟ ਹੋ ਗਿਆ ਕਿ ਭਾਰਤ ਸਰਕਾਰ ਕੈਨੇਡਾ ਸਰਕਾਰ ਦੇ ਦੋਸ਼ਾਂ ਨੂੰ ਚੁੱਪਚਾਪ ਬਰਦਾਸ਼ਤ ਨਹੀਂ ਕਰੇਗੀ। ਵਿਦੇਸ਼ ਮੰਤਰਾਲੇ ਨੇ ਨਵੀਂ ਦਿੱਲੀ ਵਿੱਚ ਕੈਨੇਡਾ ਦੇ ਹਾਈ ਕਮਿਸ਼ਨਰ ਕੈਮਰਨ ਮੈਕਕੇ ਨੂੰ ਤਲਬ ਕੀਤਾ ਅਤੇ ਉਨ੍ਹਾਂ ਨੂੰ ਦੱਸਿਆ ਕਿ ਭਾਰਤ ਨੇ ਇੱਕ ਸੀਨੀਅਰ ਕੈਨੇਡੀਅਨ ਡਿਪਲੋਮੈਟ, ਓਲੀਵੀਅਰ ਸਿਲਵੇਸਟਰ ਨੂੰ ਆਪਣੇ ਅੰਦਰੂਨੀ ਮਾਮਲਿਆਂ ਵਿੱਚ ਦਖਲਅੰਦਾਜ਼ੀ ਕਰਨ ਲਈ ਦੇਸ਼ ਵਿੱਚੋਂ ਕੱਢ ਦਿੱਤਾ ਹੈ।
ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਇਹ ਫੈਸਲਾ ਭਾਰਤ ਸਰਕਾਰ ਦੀ ਇਸ ਗੱਲ ਨੂੰ ਲੈ ਕੇ ਵਧਦੀ ਚਿੰਤਾ ਨੂੰ ਦਰਸਾਉਂਦਾ ਹੈ ਕਿ ਕਿਵੇਂ ਕੈਨੇਡੀਅਨ ਡਿਪਲੋਮੈਟ ਭਾਰਤ ਦੇ ਅੰਦਰੂਨੀ ਮਾਮਲਿਆਂ ਵਿੱਚ ਦਖਲਅੰਦਾਜ਼ੀ ਕਰ ਰਹੇ ਹਨ ਅਤੇ ਭਾਰਤ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋ ਰਹੇ ਹਨ।
ਪਹਿਲਾਂ ਵੀ ਇਲਜ਼ਾਮ ਲਗਾ ਚੁੱਕੇ ਹਨ ਟਰੂਡੋ
ਭਾਰਤੀ ਵਿਦੇਸ਼ ਮੰਤਰਾਲੇ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਕੈਨੇਡਾ ਵਿੱਚ ਕਿਸੇ ਵੀ ਤਰ੍ਹਾਂ ਦੀ ਹਿੰਸਾ ਵਿੱਚ ਭਾਰਤ ਸਰਕਾਰ ਦੀ ਸ਼ਮੂਲੀਅਤ ਦਾ ਦੋਸ਼ ਪੂਰੀ ਤਰ੍ਹਾਂ ਬੇਤੁਕਾ ਅਤੇ ਪ੍ਰੇਰਿਤ ਹੈ। ਟਰੂਡੋ ਨੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਦੌਰਾਨ ਵੀ ਅਜਿਹਾ ਹੀ ਦੋਸ਼ ਲਾਇਆ ਸੀ, ਜਿਸ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਗਿਆ ਸੀ। ਅਸੀਂ ਇੱਕ ਲੋਕਤੰਤਰੀ ਦੇਸ਼ ਹਾਂ ਅਤੇ ਕਾਨੂੰਨ ਵਿਵਸਥਾ ਲਈ ਵਚਨਬੱਧ ਹਾਂ।
ਭਾਰਤ ਨੇ ਕਿਹਾ ਹੈ ਕਿ ਕੈਨੇਡਾ ਭਾਰਤ ਦੀ ਪ੍ਰਭੂਸੱਤਾ ਅਤੇ ਅਖੰਡਤਾ ਲਈ ਖਤਰਾ ਪੈਦਾ ਕਰਨ ਵਾਲੇ ਖਾਲਿਸਤਾਨੀ ਅੱਤਵਾਦੀਆਂ ਅਤੇ ਸਮਰਥਕਾਂ ਤੋਂ ਧਿਆਨ ਹਟਾਉਣ ਲਈ ਅਜਿਹੇ ਬੇਬੁਨਿਆਦ ਦੋਸ਼ ਲਗਾ ਰਿਹਾ ਹੈ। ਉਥੋਂ ਦੀ ਸਰਕਾਰ ਅਜੇ ਵੀ ਇਨ੍ਹਾਂ ਅੱਤਵਾਦੀਆਂ ਨੂੰ ਪਨਾਹ ਦੇ ਰਹੀ ਹੈ। ਲੰਬੇ ਸਮੇਂ ਤੋਂ ਕੈਨੇਡੀਅਨ ਸਰਕਾਰ ਇਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕਰ ਰਹੀ ਅਤੇ ਇਹ ਸਾਡੇ ਲਈ ਬਹੁਤ ਚਿੰਤਾ ਦਾ ਵਿਸ਼ਾ ਹੈ। ਕੈਨੇਡੀਅਨ ਸਿਆਸਤਦਾਨ ਇਨ੍ਹਾਂ ਸੰਸਥਾਵਾਂ ਦੀ ਖੁੱਲ੍ਹ ਕੇ ਹਮਾਇਤ ਕਰਦੇ ਹਨ, ਜਿਸ ਕਾਰਨ ਮਾਮਲਾ ਹੋਰ ਵੀ ਚਿੰਤਾਜਨਕ ਹੈ।
ਭਾਰਤ ਨੇ ਕਿਹਾ ਕਿ ਕੈਨੇਡਾ ਵਿੱਚ ਕਾਤਲਾਂ, ਮਨੁੱਖੀ ਤਸਕਰਾਂ ਅਤੇ ਸੰਗਠਿਤ ਅਪਰਾਧ ਵਿੱਚ ਸ਼ਾਮਲ ਅਪਰਾਧੀਆਂ ਨੂੰ ਥਾਂ ਦੇਣਾ ਕੋਈ ਨਵੀਂ ਗੱਲ ਨਹੀਂ ਹੈ। ਅਸੀਂ ਭਾਰਤ ਨੂੰ ਅਜਿਹੀਆਂ ਗਤੀਵਿਧੀਆਂ ਨਾਲ ਜੋੜਨ ਦੀ ਕਿਸੇ ਵੀ ਕੋਸ਼ਿਸ਼ ਨੂੰ ਰੱਦ ਕਰਦੇ ਹਾਂ। ਇਸ ਦੇ ਨਾਲ ਹੀ ਭਾਰਤ ਨੇ ਕੈਨੇਡਾ ਨੂੰ ਭਾਰਤ ਵਿਰੁੱਧ ਗਤੀਵਿਧੀਆਂ ਨੂੰ ਅੰਜਾਮ ਦੇਣ ਵਾਲੇ ਤੱਤਾਂ ਵਿਰੁੱਧ ਕਾਰਵਾਈ ਕਰਨ ਲਈ ਕਿਹਾ ਹੈ।
ਟਰੂਡੋ ਵਲੋਂ ਪਾਰਲੀਮੈਂਟ ਵਿਚ ਬਿਆਨ
ਟਰੂਡੋ ਨੇ ਕੈਨੇਡੀਅਨ ਪਾਰਲੀਮੈਂਟ ਨੂੰ ਦੱਸਿਆ ਸੀ ਕਿ ਪਿਛਲੇ ਕੁਝ ਹਫਤਿਆਂ ਤੋਂ ਕੈਨੇਡੀਅਨ ਖੁਫੀਆ ਏਜੰਸੀਆਂ ਨਿੱਜਰ ਦੇ ਕਤਲ ਵਿੱਚ ਭਾਰਤੀ ਏਜੰਸੀਆਂ ਦੀ ਸੰਭਾਵਿਤ ਭੂਮਿਕਾ ਦੇ ਭਰੋਸੇਯੋਗ ਦੋਸ਼ਾਂ ਦੀ ਜਾਂਚ ਕਰ ਰਹੀਆਂ ਹਨ। ਕੈਨੇਡਾ ਨੂੰ ਆਪਣੇ ਨਾਗਰਿਕਾਂ ਦੀ ਸੁਰੱਖਿਆ ਅਤੇ ਪ੍ਰਭੂਸੱਤਾ ਦੀ ਰੱਖਿਆ ਕਰਨ ਦੀ ਬੁਨਿਆਦੀ ਲੋੜ ਹੈ। ਕਿਸੇ ਵੀ ਵਿਦੇਸ਼ੀ ਸਰਕਾਰ ਨੂੰ ਕੈਨੇਡਾ ਵਿੱਚ ਕੈਨੇਡੀਅਨ ਨਾਗਰਿਕ ਦਾ ਕਤਲ ਕਰਨਾ ਮਨਜ਼ੂਰ ਨਹੀਂ ਹੈ।