ਪ੍ਰੋ. ਸਰਚਾਂਦ ਸਿੰਘ ਖਿਆਲਾ, ਗੁਰਪ੍ਰਤਾਪ ਸਿੰਘ ਟਿੱਕਾ ਅਤੇ ਪ੍ਰੋ. ਗੁਰਵਿੰਦਰ ਸਿੰਘ ਮੰਮਣਕੇ ਨੇ ਪੰਜਾਬ ਵਿਚ ਭਾਰੀ ਉਦਯੋਗ ਦੀ ਕਮੀ ਦਾ ਮਾਮਲਾ ਕੇਂਦਰੀ ਮੰਤਰੀ ਕੋਲ ਉਠਾਇਆ
ਪੰਜਾਬ ਸਰਕਾਰ ਦੀ ਉਦਯੋਗ ਅਤੇ ਵਪਾਰ ਪ੍ਰਤੀ ਕੋਈ ਠੋਸ ਨੀਤੀ ਨਹੀਂ : ਪ੍ਰੋ. ਸਰਚਾਂਦ ਸਿੰਘ।
ਅੰਮ੍ਰਿਤਸਰ, 25 ਨਵੰਬਰ (ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ)- ਕੇਂਦਰੀ ਭਾਰੀ ਉਦਯੋਗ ਮੰਤਰੀ ਮਹਿੰਦਰ ਨਾਥ ਪਾਂਡੇ ਕੋਲ ਪੰਜਾਬ ਭਾਜਪਾ ਦੇ ਮੀਡੀਆ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ, ਗੁਰਪ੍ਰਤਾਪ ਸਿੰਘ ਟਿੱਕਾ ਅਤੇ ਪ੍ਰੋ. ਗੁਰਵਿੰਦਰ ਸਿੰਘ ਮੰਮਣਕੇ ਨੇ ਪੰਜਾਬ ਵਿਚ ਭਾਰੀ ਉਦਯੋਗ ਦੀ ਕਮੀ ਦਾ ਮਾਮਲਾ ਉਠਾਇਆ ਹੈ। ਕੇਂਦਰੀ ਮੰਤਰੀ ਪਾਂਡੇ ਕਲ ਦੇਰ ਸ਼ਾਮ ਸ੍ਰੀ ਦਰਬਾਰ ਸਾਹਿਬ ਦਰਸ਼ਨਾਂ ਲਈ ਆਏ ਸਨ ਨਾਲ ਰਾਜਿੰਦਰ ਮੋਹਨ ਸਿੰਘ ਛੀਨਾ ਅਤੇ ਹਰਵਿੰਦਰ ਸਿੰਘ ਸੰਧੂ ਦੀ ਮੌਜੂਦਗੀ ਵਿਚ ਗੱਲਬਾਤ ਕਰਦੇ ਹੋਏ ਪ੍ਰੋ. ਸਰਚਾਂਦ ਸਿੰਘ ਖਿਆਲਾ ਅਤੇ ਗੁਰਪ੍ਰਤਾਪ ਸਿੰਘ ਟਿੱਕਾ ਨੇ ਨਸ਼ਿਆਂ ਵਿਚ ਗ਼ਲਤਾਨ ਹੋ ਰਹੀ ਪੰਜਾਬ ਦੀ ਨੌਜਵਾਨੀ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਨੌਜਵਾਨੀ ਨੂੰ ਨਸ਼ਿਆਂ ਤੋਂ ਨਿਜਾਤ ਦਿਵਾਉਣ ਰੁਜ਼ਗਾਰ ਦੇ ਮੌਕੇ ਪੈਦਾ ਕਰਨੇ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਵੱਧ ਤੋਂ ਵੱਧ ਇੰਡਸਟਰੀ ਲਗਾਏ ਜਾਣੇ ਚਾਹੀਦੇ ਹਨ, ਪਰ ਪੰਜਾਬ ਸਰਕਾਰ ਦੀ ਉਦਯੋਗ ਅਤੇ ਵਪਾਰ ਪ੍ਰਤੀ ਕੋਈ ਠੋਸ ਅਤੇ ਢੁਕਵੀਂ ਨੀਤੀ ਹੀ ਨਹੀਂ ਹੈ, ਜਿਸ ਕਰਕੇ ਸਨਅਤਕਾਰ ਪੰਜਾਬ ’ਚ ਪੂੰਜੀ ਨਿਵੇਸ਼ ਕਰਨ ਤੋਂ ਕਤਰਾਉਂਦੇ ਹਨ। ਪ੍ਰੋ. ਗੁਰਵਿੰਦਰ ਸਿੰਘ ਮੰਮਣਕੇ ਨੇ ਪੰਜਾਬ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਪੰਜਾਬ ਤੋਂ ਬਾਹਰ ਜਾ ਰਹੀਆਂ ਉਦਯੋਗਿਕ ਇਕਾਈਆਂ ਨੂੰ ਰੋਕਣ ਵਿਚ ਕੇਂਦਰੀ ਮਦਦ ਦੀ ਅਪੀਲ ਕੀਤੀ। ਉਨ੍ਹਾਂ ਪੰਜਾਬ ਦੀ ਇੰਡਸਟਰੀ ਨੂੰ ਵੀ ਪਹਾੜੀ ਸੂਬਿਆਂ ਦੀ ਤਰਜ਼ ’ਤੇ ਕੇਂਦਰੀ ਸਹੂਲਤਾਂ ਦੇਣ ਦੀ ਲੋੜ ’ਤੇ ਜ਼ੋਰ ਦਿੱਤਾ। ਇਸ ਮੌਕੇ ਕੇਂਦਰੀ ਭਾਰੀ ਉਦਯੋਗ ਮੰਤਰੀ ਮਹਿੰਦਰ ਨਾਥ ਪਾਂਡੇ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਉਦਯੋਗ ਨੂੰ ਉੱਚਾ ਚੁੱਕਣ ਲਈ ਕਦੀ ਵੀ ਕੇਂਦਰ ਸਰਕਾਰ ਤੱਕ ਪਹੁੰਚ ਨਹੀਂ ਕੀਤੀ ਹੈ, ਜੇਕਰ ਪੰਜਾਬ ਸਰਕਾਰ ਉਦਯੋਗਿਕ ਮਾਮਲਿਆਂ ਨੂੰ ਕੇਂਦਰ ਸਰਕਾਰ ਤੋਂ ਸਹਿਯੋਗ ਲਵੇਗੀ ਤਾਂ ਲੋਕ ਹਿਤ ਨੂੰ ਧਿਆਨ ਵਿਚ ਰੱਖਦੇ ਹੋਏ ਭਾਰਤ ਸਰਕਾਰ ਉਸ ਦਾ ਹਰ ਤਰ੍ਹਾਂ ਸਹਿਯੋਗ ਕਰੇਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇਸ਼ ਭਰ ਵਿਚ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਹਮੇਸ਼ਾ ਯਤਨਸ਼ੀਲ ਹੈ। ਜਿਹੜਾ ਵੀ ਸੂਬਾ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਸਹਿਯੋਗ ਮੰਗਦਾ ਹੈ, ਉਸ ਨੂੰ ਪੂਰਨ ਤੌਰ ‘ਤੇ ਸਹਿਯੋਗ ਦਿੱਤਾ ਜਾਂ ਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉਨ੍ਹਾਂ ਸ੍ਰੀ ਦਰਬਾਰ ਸਾਹਿਬ ਅਤੇ ਸਿੱਖ ਇਤਿਹਾਸ ਪ੍ਰਤੀ ਡੂੰਘੀ ਦਿਲਚਸਪੀ ਦਿਖਾਈ ਅਤੇ ਕਿਹਾ ਕਿ ਇਥੇ ਆਉਣ ਦਾ ਮੌਕਾ ਮਿਲਣ ਕਰਕੇ ਉਸ ਦੀ ਰੂਹ ਨੂੰ ਸਕੂਨ ਮਿਲਿਆ ਹੈ। ਕਾਫ਼ੀ ਸਮਾਂ ਉਨ੍ਹਾਂ ਪਰਿਕਰਮਾ ‘ਚ ਗੁਜ਼ਾਰਿਆ । ਇਸ ਮੌਕੇ ਕੇਂਦਰੀ ਮੰਤਰੀ ਮਹਿੰਦਰ ਪਾਂਡੇ ਨੂੰ ਸੂਚਨਾ ਕੇਂਦਰ ਵਿਖੇ ਮੈਨੇਜਰ ਸਤਿੰਦਰ ਸਿੰਘ ਬਾਜਵਾ, ਸੂਚਨਾ ਅਧਿਕਾਰੀ ਸਰਬਜੀਤ ਸਿੰਘ ਅਤੇ ਜਤਿੰਦਰਪਾਲ ਸਿੰਘ ਵੱਲੋਂ ਧਾਰਮਿਕ ਪੁਸਤਕਾਂ ਦਾ ਸੈੱਟ ਭੇਟ ਕਰਦਿਆਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਰਾਜਿੰਦਰ ਮੋਹਨ ਸਿੰਘ ਛੀਨਾ, ਹਰਵਿੰਦਰ ਸਿੰਘ ਸੰਧੂ, ਪ੍ਰੋ. ਸਰਚਾਂਦ ਸਿੰਘ ਖਿਆਲਾ, ਗੁਰਪ੍ਰਤਾਪ ਸਿੰਘ ਟਿੱਕਾ ਅਤੇ ਪ੍ਰੋ. ਗੁਰਵਿੰਦਰ ਸਿੰਘ ਮੰਮਣਕੇ, ਜਸਪਾਲ ਸਿੰਘ ਸ਼ੰਟੂ ਵੀ ਮੌਜੂਦ ਸਨ।
ਕੈਪਸ਼ਨ : ਕੇਂਦਰੀ ਮੰਤਰੀ ਮਹਿੰਦਰ ਪਾਂਡੇ ਨੂੰ ਸੂਚਨਾ ਕੇਂਦਰ ਵਿਖੇ ਮੈਨੇਜਰ ਸਤਿੰਦਰ ਸਿੰਘ ਬਾਜਵਾ, ਸੂਚਨਾ ਅਧਿਕਾਰੀ ਸਰਬਜੀਤ ਸਿੰਘ ਅਤੇ ਜਤਿੰਦਰਪਾਲ ਸਿੰਘ ਵੱਲੋਂ ਧਾਰਮਿਕ ਪੁਸਤਕਾਂ ਦਾ ਸੈੱਟ ਭੇਟ ਕਰਦਿਆਂ ਸਨਮਾਨਿਤ ਕਰਦੇ ਹੋਏ,ਉਨ੍ਹਾਂ ਨਾਲ ਰਾਜਿੰਦਰ ਮੋਹਨ ਸਿੰਘ ਛੀਨਾ, ਹਰਵਿੰਦਰ ਸਿੰਘ ਸੰਧੂ, ਪ੍ਰੋ. ਸਰਚਾਂਦ ਸਿੰਘ ਖਿਆਲਾ, ਗੁਰਪ੍ਰਤਾਪ ਸਿੰਘ ਟਿੱਕਾ ਅਤੇ ਪ੍ਰੋ. ਗੁਰਵਿੰਦਰ ਸਿੰਘ ਮੰਮਣਕੇ, ਜਸਪਾਲ ਸਿੰਘ ਸ਼ੰਟੂ ਤੇ ਹੋਰ।