ਐਡਵੋਕੇਟ ਧਾਮੀ ਨਵੰਬਰ 2021 ਵਿਚ ਪਹਿਲੀ ਵਾਰ ਸ੍ਰੋਮਣੀ ਕਮੇਟੀ ਦੇ ਪ੍ਰਧਾਨ ਬਣੇ ਅਤੇ ਹੁਣ ਇਸ ਅਹੁਦੇ ਉੱਤੇ ਲਗਾਤਾਰ ਚੌਥੀ ਵਾਰ ਚੁਣੇ ਗਏ ਹਨ। ਉਹ ਸਿੱਖ ਸਰੋਕਾਰਾਂ ਦੀ ਡੂੰਘੀ ਪਕੜ ਰੱਖਦੇ ਹਨ ਅਤੇ ਇਕ ਇਮਾਨਦਾਰ ਆਗੂ ਵਜੋਂ ਜਾਣੇ ਜਾਂਦੇ ਹਨ। ਉਹ ਸਿੱਖ ਸੰਘਰਸ਼ ਦੇ ਯੋਧਿਆਂ ਦੇ ਕੇਸਾਂ ਦੀ ਪੈਰਵਾਈ ਵੀ ਕਰਦੇ ਰਹੇ ਹਨ। ਐਡਵੋਕੇਟ ਧਾਮੀ ਦੇ ਕਾਰਜਕਾਲ ਦੌਰਾਨ ਸ੍ਰੋਮਣੀ ਕਮੇਟੀ ਵੱਲੋਂ ਪ੍ਰਸ਼ਾਸਕੀ ਸੇਵਾਵਾਂ ਵਿਚ ਸਿੱਖ ਨੌਜੁਆਨਾਂ ਦੀ ਸ਼ਮੂਲੀਅਤ ਲਈ ਕੋਚਿੰਗ ਸੈਂਟਰ ਸਥਾਪਤ ਕਰਨਾ, ਗੁਰਦੁਆਰਾ ਸਾਹਿਬਾਨ ਅੰਦਰ ਸਿਰੋਪਾਓ ਦੀ ਵਰਤੋਂ ਨੂੰ ਸੀਮਤ ਕਰਨਾ ਅਤੇ ਆਈਆਂ ਸ਼ਤਾਬਦੀਆਂ ਨੂੰ ਖਾਲਸਾਈ ਜਾਹੋ-ਜਲਾਲ ਨਾਲ ਮਨਾਉਣਾ ਅਹਿਮ ਕਾਰਜ ਹਨ। ਇਸ ਤੋਂ ਇਲਾਵਾ ਉਨ੍ਹਾਂ ਦੀ ਅਗਵਾਈ ਵਿਚ ਬੰਦੀ ਸਿੰਘਾਂ ਦੀ ਰਿਹਾਈ ਲਈ ਜ਼ੋਰਦਾਰ ਅਵਾਜ਼ ਉਠਾਈ ਗਈ।