ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ : ਭਾਜਪਾ ਦੇ ਕੌਮੀ ਕਾਰਜਕਾਰਨੀ ਦੇ ਮੈਂਬਰ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵਲੋਂ ਮੰਡੀਆਂ ‘ਚੋਂ ਝੋਨਾ ਖਰੀਦਣ ਵਿਚ ਨਾਕਾਮੀ ਕਾਰਨ ਦੁਖੀ ਕਿਸਾਨ ਜਸਵਿੰਦਰ ਸਿੰਘ ਨੇ ਖੁਦਕੁਸ਼ੀ ਕਰ ਲਈ ਹੈ। ਇਹ ਪੰਜਾਬ ਵਿੱਚ ਝੋਨੇ ਦੀ ਖਰੀਦ ਦੇ ਇਤਿਹਾਸ ਦਾ ਕਾਲਾ ਦਿਨ ਹੈ। ਗਰੇਵਾਲ ਨੇ ਕਿਹਾ ਕਿ ਕਿਸਾਨ ਦੀ ਖੁਦਕਸ਼ੀ ਹੋਣ ਦੇ ਮਾਮਲੇ ਵਿੱਚ ਮੁੱਖ ਮੰਤਰੀ ‘ਤੇ ਖੁਦਕੁਸ਼ੀ ਲਈ ਮਜ਼ਬੂਰ ਕਰਨ ਦਾ ਮਾਮਲਾ ਦਰਜ ਕੀਤਾ ਜਾਣਾ ਚਾਹੀਦਾ ਹੈ। ਗਰੇਵਾਲ ਨੇ ਕਿਹਾ ਕਿ ਭਵਾਨੀਗੜ੍ਹ ਨੇੜਲੇ ਪਿੰਡ ਨਦਾਮਪੁਰ ਦਾ ਕਿਸਾਨ ਜਸਵਿੰਦਰ ਸਿੰਘ ਪਿਛਲੇ ਡੇਢ ਹਫ਼ਤੇ ਤੋਂ ਮੰਡੀ ‘ਚ ਝੋਨਾ ਨਾ ਵਿਕਣ ਕਾਰਨ ਦੁਖੀ ਸੀ। ਨਿਰਾਸ਼ ਹੋ ਕੇ ਉਸ ਨੇ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰ ਲਈ। ਇਸ ਕਿਸਾਨ ਦੀ ਖੁਦਕੁਸ਼ੀ ਨੇ ਪੰਜਾਬ ਸਰਕਾਰ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਖਰੀਦ ਨਾਲ ਸਬੰਧਿਤ ਦਾਅਵਿਆਂ ਨੂੰ ਝੂਠਾ ਸਾਬਤ ਕਰ ਦਿੱਤਾ ਹੈ।