Shiromani Committee's big initiative to connect the Sangat with the orders of Sri Akal Takht Sahib
ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ :
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਹਾਊਸ ਦੀ ਵਿਸ਼ੇਸ਼ ਇਕੱਤਰਤਾ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੋਵੇਗੀ। ਇਸ ਵਿਸ਼ੇਸ਼ ਇਜਲਾਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 15 ਜੂਨ ਨੂੰ ਜਾਰੀ ਕੀਤੇ ਗਏ ਹੁਕਮ ’ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਜਾਵੇਗਾ ਅਤੇ ਉਸ ਦੀ ਪ੍ਰਭਾਵਸ਼ਾਲੀ ਪਾਲਣਾ ਲਈ ਅਗਲੀ ਰੂਪ-ਰੇਖਾ ਤਿਆਰ ਕੀਤੀ ਜਾਵੇਗੀ।
ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਕੱਤਰਤਾ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਦੇ ਹਰ ਹਲਕੇ ਵਿੱਚ ਵੱਡੇ ਪੱਧਰ ’ਤੇ ਸੰਗਤੀ ਇਕੱਠ ਕਰਵਾਏ ਜਾਣਗੇ, ਜਿਨ੍ਹਾਂ ਰਾਹੀਂ ਸੰਗਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਲਈ ਪ੍ਰੇਰਿਤ ਕੀਤਾ ਜਾਵੇਗਾ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਹਜ਼ੂਰੀ ਵਿੱਚ ਹੋਣ ਵਾਲੇ ਇਸ ਜਨਰਲ ਇਜਲਾਸ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ, ਤਖ਼ਤ ਸਾਹਿਬਾਨ ਦੇ ਜਥੇਦਾਰ, ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ, ਅੰਤ੍ਰਿੰਗ ਕਮੇਟੀ ਦੇ ਮੈਂਬਰ, ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸੀਨੀਅਰ ਅਧਿਕਾਰੀ ਸ਼ਮੂਲੀਅਤ ਕਰਨਗੇ। ਇਸ ਸਬੰਧੀ ਸਾਰੇ ਸੱਦੇ ਪਹਿਲਾਂ ਹੀ ਭੇਜੇ ਜਾ ਚੁੱਕੇ ਹਨ।
ਇਸ ਇਕੱਤਰਤਾ ਨੂੰ ਸਿੱਖ ਪੰਥ ਨਾਲ ਜੁੜੇ ਅਹਿਮ ਮਸਲਿਆਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਅਮਲਵਾਰੀ ਲਈ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਮੀਟਿੰਗ ਵਿੱਚ ਲਏ ਜਾਣ ਵਾਲੇ ਫ਼ੈਸਲਿਆਂ ਉੱਤੇ ਪੰਥਕ ਹਲਕਿਆਂ ਦੀ ਨਜ਼ਰ ਟਿਕੀ ਹੋਈ ਹੈ।