ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵਿਰੁੱਧ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ
Sri Darbar Sahib management files complaint against MLA Manvinder Singh Giaspura to Police Commissioner
ਸਿੱਖ ਸੰਸਥਾ ਖਿਲਾਫ਼ ਇਤਰਾਜ਼ਯੋਗ ਟਿੱਪਣੀਆਂ ਦੇ ਮਾਮਲੇ ’ਚ ਸਖ਼ਤ ਕਾਰਵਾਈ ਦੀ ਕੀਤੀ ਮੰਗ
ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ:
ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਜਾਤੀ ਆਧਾਰਿਤ ਵਿਤਕਰੇ ਦੇ ਦੋਸ਼ ਲਗਾਉਣ ਅਤੇ ਸਿੱਖ ਸੰਸਥਾ ਖਿਲਾਫ ਵਰਤੀ ਗਈ ਇਤਰਾਜ਼ਯੋਗ ਸ਼ਬਦਾਵਲੀ ਨੂੰ ਲੈ ਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਵੱਲੋਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਦੇ ਕੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ। ਇਹ ਸਕਾਇਤ ਅੱਜ ਸ੍ਰੀ ਦਰਬਾਰ ਸਾਹਿਬ ਦੇ ਜਰਨਲ ਮੈਨੇਜਰ ਸ. ਮੇਜਰ ਸਿੰਘ ਦੀ ਅਗਵਾਈ ਹੇਠ ਸ੍ਰੀ ਦਰਬਾਰ ਸਾਹਿਬ ਦੇ ਅਧਿਕਾਰੀਆਂ ਵੱਲੋਂ ਦਰਜ਼ ਕਰਵਾਈ ਗਈ।
ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਵਿਧਾਇਕ ਵੱਲੋਂ ਲਗਾਏ ਗਏ ਦੋਸ਼ ਤੱਥਾਂ ਦੇ ਉਲਟ ਹਨ ਅਤੇ ਇਨ੍ਹਾਂ ਰਾਹੀਂ ਸਿੱਖ ਸੰਸਥਾਵਾਂ ਦੇ ਅਕਸ ਨੂੰ ਢਾਹ ਲਾਉਣ ਦੇ ਨਾਲ-ਨਾਲ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ। ਸ਼ਿਕਾਇਤ ਅਨੁਸਾਰ, ਵਿਧਾਇਕ ਨੂੰ ਸਕੱਤਰੇਤ ਵਿਖੇ ਦਾਖ਼ਲ ਹੋਣ ਤੋਂ ਰੋਕਣ ਦਾ ਕਾਰਨ ਜਾਤੀ ਨਹੀਂ, ਸਗੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਸਿੱਖ ਸੰਸਥਾ ਪ੍ਰਤੀ ਉਨ੍ਹਾਂ ਵੱਲੋਂ ਪਹਿਲਾਂ ਕੀਤੀਆਂ ਗਈਆਂ ਕਥਿਤ ਇਤਰਾਜ਼ਯੋਗ ਅਤੇ ਅਪਮਾਨਜਨਕ ਟਿੱਪਣੀਆਂ ਸਨ। ਪ੍ਰਬੰਧਕਾਂ ਨੇ ਸਪੱਸ਼ਟ ਕੀਤਾ ਹੈ ਕਿ ਸਿੱਖ ਧਰਮ ਜਾਤ-ਪਾਤ, ਊਚ-ਨੀਚ ਅਤੇ ਵਿਤਕਰੇ ਨੂੰ ਰੱਦ ਕਰਦਾ ਹੈ। ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਧਾਂਤ ਸਰਬਸਾਂਝੀਵਾਲਤਾ, ਬਰਾਬਰਤਾ ਅਤੇ ਮਨੁੱਖੀ ਸਤਿਕਾਰ ’ਤੇ ਆਧਾਰਿਤ ਹਨ। ਅਜਿਹੇ ਪਵਿੱਤਰ ਅਸਥਾਨਾਂ ’ਤੇ ਜਾਤੀ ਵਿਤਕਰੇ ਦੇ ਦੋਸ਼ ਲਗਾਉਣਾ ਸਿੱਖ ਸਿਧਾਂਤਾਂ ਦੀ ਅਸਲ ਭਾਵਨਾ ਨੂੰ ਗ਼ਲਤ ਰੂਪ ਵਿੱਚ ਪੇਸ਼ ਕਰਨ ਦੇ ਬਰਾਬਰ ਹੈ।
ਸ਼ਿਕਾਇਤ ਵਿੱਚ ਇਹ ਵੀ ਕਿਹਾ ਗਿਆ ਕਿ ਵਿਧਾਇਕ ਮਨਵਿੰਦਰ ਸਿੰਘ ਵੱਲੋਂ ਮੀਡੀਆ ਅਤੇ ਸੋਸ਼ਲ ਮੀਡੀਆ ’ਤੇ ਦਿੱਤੇ ਬਿਆਨਾਂ ਅਤੇ ਪ੍ਰਸਾਰਿਤ ਵੀਡੀਓਜ਼ ਨਾਲ ਸਿੱਖ ਸੰਸਥਾਵਾਂ, ਉਨ੍ਹਾਂ ਦੇ ਪ੍ਰਬੰਧਕਾਂ ਅਤੇ ਅਹੁਦੇਦਾਰਾਂ ਦੀ ਸਾਖ ਨੂੰ ਨੁਕਸਾਨ ਪਹੁੰਚਣ ਦੇ ਨਾਲ ਸਮਾਜ ਵਿੱਚ ਬੇਲੋੜਾ ਤਣਾਅ ਪੈਦਾ ਹੋਣ ਦਾ ਖ਼ਦਸ਼ਾ ਹੈ। ਸ਼ਿਕਾਇਤ ਵਿਚ ਇਸ ਤੋਂ ਪਹਿਲਾਂ ਜਾਰੀ ਕੀਤੀਆਂ ਗਈਆਂ ਹੋਰ ਵੀਡੀਓਜ਼ ਦਾ ਹਵਾਲਾ ਦਿੰਦਿਆਂ ਉਨ੍ਹਾਂ ਦੀ ਵੀ ਜਾਂਚ ਕਰਨ ਦੀ ਮੰਗ ਕੀਤੀ ਗਈ ਹੈ।
ਪ੍ਰਬੰਧਕਾਂ ਨੇ ਪੁਲਿਸ ਕਮਿਸ਼ਨਰ ਨੂੰ ਅਪੀਲ ਕੀਤੀ ਕਿ ਸ਼ਿਕਾਇਤ ਵਿੱਚ ਦਰਜ ਤੱਥਾਂ ਤੇ ਸੰਬੰਧਿਤ ਵੀਡੀਓਜ਼ ਦੀ ਨਿਰਪੱਖ ਜਾਂਚ ਕਰਕੇ ਕਾਨੂੰਨ ਤਹਿਤ ਬਣਦੀ ਕਾਰਵਾਈ ਕੀਤੀ ਜਾਵੇ। ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੇਜਰ ਸਿੰਘ ਨੇ ਕਿਹਾ ਕਿ ਸਿੱਖ ਸੰਸਥਾਵਾਂ ਬਾਰੇ ਬਿਆਨ ਦੇਣ ਸਮੇਂ ਤੱਥਾਂ ਅਤੇ ਧਾਰਮਿਕ ਭਾਵਨਾਵਾਂ ਦੀ ਸੰਵੇਦਨਸ਼ੀਲਤਾ ਦਾ ਧਿਆਨ ਰੱਖਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਬੇਬੁਨਿਆਦ ਦੋਸ਼ਾਂ ਜਾਂ ਸਮਾਜਿਕ ਵੰਡ ਪਾਉਣ ਵਾਲੀ ਬਿਆਨਬਾਜ਼ੀ ਤੋਂ ਹਰ ਆਗੂ ਨੂੰ ਸੁਚੇਤ ਰਹਿਣਾ ਚਾਹੀਦਾ ਹੈ।
ਸ਼ਿਕਾਇਤ ਦਰਜ਼ ਕਰਵਾਉਣ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਮੇਜਰ ਸਿੰਘ ਦੇ ਨਾਲ ਸ਼੍ਰੋਮਣੀ ਕਮੇਟੀ ਦੇ ਕਾਨੂੰਨੀ ਸਲਾਹਕਾਰ ਸ. ਅਮਨਬੀਰ ਸਿੰਘ ਸਿਆਲੀ, ਮੈਨੇਜਰ ਸ. ਨਰਿੰਦਰ ਸਿੰਘ ਅਤੇ ਵਧੀਕ ਮੈਨੇਜਰ ਸ. ਗੁਰਵਿੰਦਰ ਸਿੰਘ ਭੋਮਾਂ, ਇੰਚਾਰਜ ਆਈਟੀ ਸੳ ਉਮਕਾਰ ਸਿੰਘ ਵੀ ਮੌਜੂਦ ਸਨ।